Site icon Sikh Siyasat News

ਜੇਕਰ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਨਾ ਸੁਲਝਾਇਆ ਤਾਂ ਪਾਕਿਸਤਾਨ ਵਿੱਚ ਸਰਬੱਤ ਖਾਲਸਾ ਸੱਦਿਆ ਜਾਵੇਗਾ

ਅੰਮ੍ਰਿਤਸਰ ( 16 ਜੂਨ 2014): ਅੱਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸੰਗਤ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਰਬੱਤ ਖਾਲਸਾ ਸੱਦ ਕੇ ਇਸ ਮੁੱਦੇ ‘ਤੇ ਵਿਚਾਰ ਕੀਤਾ ਜਾਵੇਗਾ।

ਲਾਹੌਰ ਤੋਂ ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਅੱਜ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਆਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀ ਸੰਗਤ ਤੋਂ ਇਲਾਵਾ ਨਨਕਾਣਾ ਸਾਹਿਬ ਤੇ ਪਿਸ਼ਾਵਰ ਦੀ ਸਿੱਖ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਸੰਗਤ ਵਿੱਚ ਭਾਰਤ ਤੋਂ ਗਏ ਸਿੱਖ ਸ਼ਰਧਾਲੂ ਵੀ ਸ਼ਾਮਲ ਸਨ।

“ਪੰਜਾਬੀ ਟ੍ਰਿਬਿਊਨ” ਅਨੁਸਾਰ ਇਸ ਮੌਕੇ ਇਕੱਠੇ ਹੋਏ ਆਗੂਆਂ ਨੇ ਆਖਿਆ ਕਿ ਜੇਕਰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਤੱਕ ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਸਰਬਸੰਮਤੀ ਨਾ ਬਣਾਈ ਗਈ ਤਾਂ ਇਸ ਮਸਲੇ ਨੂੰ ਹੱਲ ਕਰਨ ਲਈ ਪਾਕਿਸਤਾਨ ਵਿੱਚ ਸਰਬੱਤ ਖਾਲਸਾ ਸੱਦਿਆ ਜਾਵੇਗਾ। ਇਹ ਸਰਬੱਤ ਖਾਲਸਾ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਤੇ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ, ਜਿਸ ਵਿੱਚ ਸਰਬਸੰਮਤੀ ਨਾਲ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਬਾਰੇ ਵਿਚਾਰ ਚਰਚਾ ਹੋਵੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਨੂੰ ਲੰਬੀ ਸੋਚ ਤੇ ਵਿਚਾਰ ਤੋਂ ਬਾਅਦ ਬਣਾਇਆ ਗਿਆ ਸੀ, ਜੋ ਕਿ ਸਿੱਖ ਕੌਮ ਦੀ ਅੱਡਰੀ ਪਛਾਣ ਦਾ ਪ੍ਰਤੀਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਇਸ ਨੂੰ ਕਾਹਲੀ ਵਿੱਚ ਸੋਧ ਕੇ ਇਸ ਦੀ ਆਤਮਾ ਨੂੰ ਹੀ ਮਾਰ ਦਿੱਤਾ ਗਿਆ ਹੈ। ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਖਾਲਿਦ ਅਲੀ ਨੇ ਆਖਿਆ ਕਿ ਕੈਲੰਡਰ ਵਿਵਾਦ ਸਿੱਖ ਕੌਮ ਦਾ ਅੰਦਰੂਨੀ ਮਾਮਲਾ ਹੈ ਅਤੇ ਪਾਕਿਸਤਾਨੀ ਹਕੂਮਤ ਇਸ ਵਿੱਚ ਕੋਈ ਦਖਲਅੰਦਾਜ਼ੀ ਨਹੀਂ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਗੁਰਦੁਆਰਿਆਂ ਦੀਆਂ ਜਾਇਦਾਦਾਂ ‘ਤੇ ਨਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ।

ਪੀ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਆਪਣੇ ਪਾਕਿਸਤਾਨ ਦੌਰੇ ਦੌਰਾਨ ਕੈਲੰਡਰ ਮੁੱਦੇ ‘ਤੇ ਪਾਕਿਸਤਾਨੀ ਸਿੱਖਾਂ ਨੂੰ ਵੰਡਣ ਦਾ ਯਤਨ ਕੀਤਾ ਹੈ। ਉਨ੍ਹਾਂ ਆਖਿਆ ਕਿ ਕੈਲੰਡਰ ਮਾਮਲੇ ਵਿੱਚ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ।

ਸਮਾਗਮ ਨੂੰ ਵਿਧਾਨ ਸਭਾ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਨਵਾਜ਼ ਸ਼ਰੀਫ ਸਰਕਾਰ ਇਸ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਕੈਲੰਡਰ ਮਾਮਲਾ ਸਿੱਖਾਂ ਦਾ ਅੰਦਰੂਨੀ ਮਾਮਲਾ ਹੈ ਤੇ ਇਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਸਾਬਕਾ ਪ੍ਰਧਾਨ ਬਾਬਾ ਸ਼ਾਮ ਸਿੰਘ ਨੇ ਵੀ ਆਸ ਪ੍ਰਗਟਾਈ ਕਿ ਕੈਲੰਡਰ ਮਾਮਲਾ ਜਲਦੀ ਹੱਲ ਹੋ ਜਾਵੇਗਾ। ਇਸ ਦੌਰਾਨ ਗੁਰਦੁਆਰਾ ਡੇਹਰਾ ਸਾਹਿਬ ਦੇ ਆਲੇ ਦੁਆਲੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version