July 24, 2014 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ ( 23 ਜੁਲਾਈ 2014): ਸ਼੍ਰੋਮਣੀ ਅਕਾਲੀ ਦਲ ਬਾਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ’ਤੇ ਹਰਿਆਣਾ ਸਰਕਾਰ ਨਾਲ ਸਿਆਸੀ ਲੜਾਈ ਵਿੱਚ ਉਲਝਿਆ ਹੋਇਆ ਹੈ ਪਰ ਉਹ ਪ੍ਰੋ. ਦਵਿੰਦਰ ਸਿੰਘ ਭੁੱਲਰ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਬਾਰੇ ਸੰਜੀਦਾ ਨਹੀਂ ਹੈ।
ਦਲ ਖ਼ਾਲਸਾ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰਾਜੋਆਣਾ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਕੋਲ ਸਰਕਾਰੀ ਤੌਰ ’ਤੇ ਕੋਈ ਆਵਾਜ਼ ਨਹੀਂ ਉਠਾ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰੋ. ਭੁੱਲਰ ਅਤੇ ਰਾਜੋਆਣਾ ਦੀ ਰਿਹਾਈ ਦਾ ਮਸਲਾ ਮੋਦੀ ਸਰਕਾਰ ਕੋਲ ਉਠਾਉਣ ਦੀ ਬਜਾਏ ਅਜਿਹੀ ਲੜਾਈ ਵਿਚ ਉਲਝਦਾ ਜਾ ਰਿਹਾ ਹੈ, ਜੋ ਕੌਮ ਨੂੰ ਖੇਰੂੰ-ਖੇਰੂੰ ਕਰੇਗੀ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਬਿਆਨ ਅਨੁਸਾਰ ਪੰਜਾਬ ਸਰਕਾਰ ਨੇ ਰਾਜੋਆਣਾ ਨੂੰ ਫਾਂਸੀ ਲਾਉਣ ਜਾਂ ਰੱਦ ਕਰਨ ਬਾਰੇ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਸ੍ਰੀ ਬਾਦਲ ਦਾ ਦੋਹਰਾ ਚਿਹਰਾ ਨੰਗਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਕੋਲ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖ਼ਤਮ ਕਰਨ ਸਬੰਧੀ ਪਟੀਸ਼ਨ ਪਾਈ ਸੀ, ਇਸ ਲਈ ਉਸ ਦਾ ਫਰਜ਼ ਬਣਦਾ ਹੈ ਕਿ ਉਹ ਰਾਜੋਆਣਾ ਦੀ ਪਟੀਸ਼ਨ ਦੀ ਪੈਰਵੀ ਕਰੇ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਜੇਲ੍ਹ ਵਿੱਚ 19 ਸਾਲ ਹੋ ਗਏ ਹਨ, ਉਸ ਦੀ ਮਾਨਸਿਕ ਸਥਿਤੀ ਵੀ ਠੀਕ ਨਹੀਂ, ਇਸ ਲਈ ਮੋਦੀ ਸਰਕਾਰ ਨਾਲ ਗੱਲ ਕਰਕੇ ਉਸਦੀ ਰਿਹਾਈ ਕਰਵਾਈ ਜਾਵੇ।
ਖ਼ਾਲਸਾ ਐਕਸ਼ਨ ਕਮੇਟੀ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਬਾਦਲ ਸਿੱਖ ਭਾਵਨਾਵਾਂ ਨਾਲ ਖੇਡਣ ਦੀ ਬਜਾਏ ਪ੍ਰੋ. ਭੁੱਲਰ ਅਤੇ ਰਾਜੋਆਣਾ ਦੀ ਰਿਹਾਈ ਲਈ ਉਪਰਾਲੇ ਕਰਨ। ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਜੀਦਾ ਮੁੱਦਿਆਂ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪਹੁੰਚ ਹਮੇਸ਼ਾ ਆਲੋਚਨਾਤਮਕ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ’ਤੇ ਪਿਛਲੇ ਥੋੜ੍ਹੇ ਸਮੇਂ ਵਿੱਚ ਹੀ ਦੋ ਵਾਰ ਗ੍ਰਹਿ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਉਨ੍ਹਾਂ ਨੇ ਪ੍ਰੋ. ਭੁੱਲਰ ਅਤੇ ਰਾਜੋਆਣਾ ਬਾਰੇ ਗੱਲ ਕਰਨ ਵਿਚੱ ਕੋਈ ਦਿਲਚਸਪੀ ਨਹੀਂ ਲਈ। ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਨੋਬਲਜੀਤ ਸਿੰਘ ਨੇ ਦੋਸ਼ ਲਾਇਆ ਕਿ ਦੋਵੇਂ ਬਾਦਲ ਮੌਕਾਪ੍ਰਸਤ ਸਿਆਸਤ ਖੇਡ ਰਹੇ ਹਨ ਅਤੇ ਪੰਥਕ ਹਿੱਤਾਂ ਨਾਲ ਉਨ੍ਹਾਂ ਦਾ ਕੋਈ ਲਾਗਾ ਦੇਗਾ ਨਹੀਂ।
Related Topics: Badal Dal, Bhai Balwant Singh Rajoana, Kanwar Pal Singh Bittu, Parkash Singh Badal