ਸਿਆਸੀ ਖਬਰਾਂ » ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੇ ਨਾਂ ‘ਤੇ ਬਣੇ ਇੰਸਟੀਚਿਊਟ ਦੀ ਇਮਾਰਤ ਦਾ ਉਦਘਾਟਨ

February 17, 2017 | By

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਨਾਂ ‘ਤੇ ਬਣੇ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਇੰਸਟੀਚਿਊਟ ਵਿੱਚ ‘ਗੁਰਮਤਿ ਸਿਖਲਾਈ ਕੇਂਦਰ’ ਦਾ ਆਗਾਜ਼ ਵੀ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਨਾਂ 'ਤੇ ਬਣੇ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਨਾਂ ‘ਤੇ ਬਣੇ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ

ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਸੰਸਥਾ ਵਿੱਚ ਗੁਰਮਤਿ ਸਬੰਧੀ ਖੋਜ ਕਾਰਜਾਂ ਦੇ ਨਾਲ-ਨਾਲ ਗੁਰਦੁਆਰਿਆਂ ਅੰਦਰ ਸੇਵਾ ਨਿਭਾਅ ਰਹੇ ਵੱਖ-ਵੱਖ ਮੁਲਾਜ਼ਮਾਂ ਅਤੇ ਪ੍ਰਚਾਰਕ ਸ਼੍ਰੇਣੀ ਨੂੰ ਆਪੋ-ਆਪਣੇ ਖੇਤਰ ਵਿੱਚ ਹੋਰ ਮਾਹਰ ਬਣਾਉਣ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਨਿਪੁੰਨ ਕਰਨ ਲਈ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਗੁਰਮਤਿ ਸਿਖਲਾਈ ਕੇਂਦਰ ਬਾਰੇ ਕਿਹਾ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀ ਇੱਛਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਹਰ ਮੁਲਾਜ਼ਮ ਨੂੰ ਸਮੇਂ-ਸਮੇਂ ’ਤੇ ਰਿਫਰੈਸ਼ਰ ਕੋਰਸ ਨਾਲ ਉੱਤਮ ਦਰਜੇ ਦੀ ਸਿਖਲਾਈ ਦਿੱਤੀ ਜਾਵੇ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਆਪਣੇ ਪਹਿਲੇ ਪ੍ਰਧਾਨਗੀ ਕਾਰਜਕਾਲ ਦੌਰਾਨ ਵੀ ਸਫਲਤਾਪੂਰਬਕ ਚਲਾਏ ਸਨ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਸਨ। ਇਸ ਮੌਕੇ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਭਾਈ ਮੁਖਤਿਆਰ ਸਿੰਘ ਨੇ ਕੀਰਤਨ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਪਰਨਾਮ ਸਿੰਘ ਨੇ ਅਰਦਾਸ ਕੀਤੀ।

ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਮੁਲਾਜ਼ਮ ਭਰਤੀ ਹੋਣ ਵਾਲੇ ਹਰ ਵਿਅਕਤੀ ਨੂੰ ਪਹਿਲਾਂ ਇਸ ਸਿਖਲਾਈ ਕੇਂਦਰ ਵਿੱਚ ਇੱਕ ਮਹੀਨੇ ਦੀ ਮੁਢਲੀ ਸਿਖਲਾਈ ਦਿੱਤੀ ਜਾਇਆ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦਾ ਜ਼ਿਕਰ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦੇ ਨਾਮ ’ਤੇ ਸਥਾਪਤ ਕੀਤੇ ਇਸ ਇੰਸਟੀਚਿਊਟ ਨੂੰ ਵਿਸ਼ਵ ਪੱਧਰੀ ਨੁਹਾਰ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਜਰਨੈਲ ਸਿੰਘ ਕਰਤਾਰਪੁਰ, ਲਾਭ ਸਿੰਘ ਦੇਵੀਨਗਰ, ਸਵਿੰਦਰ ਸਿੰਘ ਸੱਭਰਵਾਲ, ਸਤਵਿੰਦਰ ਸਿੰਘ ਟੌਹੜਾ, ਰਾਮਪਾਲ ਸਿੰਘ ਬਹਿਣੀਵਾਲ, ਹੀਰਾ ਸਿੰਘ ਚਿੜੇਵਾਨ, ਸੰਤ ਗੁਰਮੀਤ ਸਿੰਘ ਤਿਰਲੋਕੇਵਾਲਾ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਵਤਾਰ ਸਿੰਘ ਵਣਵਾਲਾ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,