Site icon Sikh Siyasat News

ਹਰਿਆਣਾ ਕਮੇਟੀ ਦੀ ਮੰਗ ਕਰਨ ਵਾਲੇ ਸਿੱਖ ਆਗੂਆਂ ਦਾ ਅਕਾਲ ਤਖਤ ਸਾਹਿਬ ‘ਤੇ ਨਾ ਪਹੁੰਚਣ ਤੋਂ ਬਾਅਦ ਜੱਥੇਦਾਰ ਵੱਲੋਂ 10 ਮੈਂਬਰੀ ਕਮੇਟੀ ਬਣਾਈ

ਅੰਮ੍ਰਿਤਸਰ(2 ਜੁਲਾਈ 2014): ਅੱਜ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਕਰਨ ਵਾਲੇ ਪੰਜ ਆਗੂ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ, ਅਪਾਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲੇ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਉਣ ਉਪਰ ਨਹੀਂ ਪੁੱਜੇ।

ਇਨ੍ਹਾਂ ਸਿੱਖ ਆਗੂਆਂ ਨੇ ਪੱਤਰ ਭੇਜ ਕੇ ਰੁਝੇਵੇਂ ਹੋਣ ਕਾਰਨ ਨਾ ਪੁੱਜਣ ਵਾਸਤੇ ਮੁਆਫ਼ੀ ਮੰਗੀ ਹੈ ਅਤੇ ਅਗਲੇ ਦਿਨਾਂ ਵਿੱਚ ਮੁਲਾਕਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਨ੍ਹਾਂ ਪੰਜ ਸਿੱਖ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਲਕੇ 3 ਜੁਲਾਈ ਨੂੰ 11 ਵਜੇ ਕੁਰੂਕਸ਼ੇਤਰ ਸਥਿਤ ਗੁਰਦੁਆਰੇ ਵਿੱਚ 10 ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ।

ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਬੁਲਾਉਣ ‘ਤੇ ਨਾ ਪਹੁੰਚਣ ਤੋਂ ਬਾਅਦ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਕਰਨ ਵਾਲਿਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ 10 ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਭਲਕੇ 3 ਜੁਲਾਈ ਨੂੰ ਕੁਰੂਕਸ਼ੇਤਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹਰਿਆਣਾ ਦੇ ਸਿੱਖ ਆਗੂਆਂ ਨਾਲ ਗੱਲਬਾਤ ਕਰੇਗੀ ਅਤੇ ਇਸ ਦੀ ਰਿਪੋਰਟ ਅਕਾਲ ਤਖ਼ਤ ਨੂੰ ਸੌਂਪੇਗੀ।

ਇਸ ਦੌਰਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਲਕੇ  ਦੀ ਮੀਟਿੰਗ ਸਬੰਧੀ ਕੋਈ ਪੱਤਰ ਨਹੀਂ ਮਿਲਿਆ ਹੈ। ਜੇਕਰ ਉਨ੍ਹਾਂ ਨੂੰ ਕੋਈ ਪੱਤਰ ਮਿਲਿਆ ਤਾਂ ਉਹ ਅਕਾਲ ਤਖ਼ਤ ਨੂੰ ਸਮਰਪਿਤ ਹੁੰਦੇ ਹੋਏ ਕੁਰੂਕਸ਼ੇਤਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ 10 ਮੈਂਬਰੀ ਕਮੇਟੀ ਨੂੰ ਜ਼ਰੂਰ ਮਿਲਣਗੇ।

ਹਰਿਆਣਾ ਵਿੱਚ ਵੱਖਰੀ ਕਮੇਟੀ ਦਾ ਮਾਮਲਾ ਹੱਲ ਕਰਨ ਲਈ ਬਣਾਈ ਗਈ 10 ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੰਤ ਤੇਜਾ ਸਿੰਘ ਖੁੱਡਾ, ਸੰਤ ਰਾਮ ਸਿੰਘ ਸੀਂਘੜਾ (ਕਰਨਾਲ), ਸੰਤ ਜੋਗਾ ਸਿੰਘ ਕਰਨਾਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਰਜਿੰਦਰ ਸਿੰਘ ਮਹਿਤਾ, ਕਰਨੈਲ ਸਿੰਘ ਪੰਜੋਲੀ, ਦਿਆਲ ਸਿੰਘ ਕੋਲਿਆਂਵਾਲੀ (ਸਾਰੇ ਅੰਤ੍ਰਿੰਗ ਕਮੇਟੀ ਮਂੈਬਰ) ਅਤੇ ਸਕੱਤਰ ਦਲਮੇਘ ਸਿੰਘ ਦੇ ਨਾਂ ਸ਼ਾਮਲ ਹਨ।

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਾਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਗੰਭੀਰ ਮਾਮਲੇ ਨੂੰ ਤੁਰੰਤ ਵਿਚਾਰਨ ਦੀ ਲੋੜ ਹੈ। ਭਾਵੇਂ ਉਨ੍ਹਾਂ ਇਸ ਇਕੱਤਰਤਾ ਦੀ ਤਰੀਕ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਹੰਗਾਮੀ ਸਥਿਤੀ ਵਿੱਚ ਇਹ ਇਕੱਤਰਤਾ 6 ਜੁਲਾਈ ਤੋਂ ਪਹਿਲਾਂ ਵੀ ਸੱਦੀ ਜਾ ਸਕਦੀ ਹੈ।

ਅੱਜ ਇਥੇ ਹਰਿਆਣਾ ਦੇ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਲਈ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਲੰਮਾ ਸਮਾਂ ਹਰਿਆਣਾ ਦੇ ਸਿੱਖ ਆਗੂਆਂ ਦੀ ਉਡੀਕ ਕੀਤੀ ਅਤੇ ਸ਼ਾਮ ਚਾਰ ਵਜੇ 10 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version