June 26, 2014 | By ਸਿੱਖ ਸਿਆਸਤ ਬਿਊਰੋ
ਦਿੱਲੀ ( 25 ਜੂਨ 2014): ਹਰਿਆਣਾ ਦੇ ਸਿੱਖਾਂ ਦੇ ਇੱਕ ਹਿੱਸੇ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾੳੇਣ ਦੀ ਚੱਲ ਰਹੀ ਕਸ਼ਮਕਸ਼ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਸ ਮਸਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਸਲੇ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਕਝ ਸਮਾਂ ਪਹਿਲਾਂ ਉਛਾਲਣਾ ਕਾਂਗਰਸੀ ਦੀ ਹੋਸ਼ੀ ਸਿਆਸੀ ਚਾਲ ਦੱਸਿਆ, ਤਾਂਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਿੱਖਾਂ ਦੇ ਇੱਕ ਹਿੱਸੇ ਦੀਆਂ ਵੋਟਾਂ ਪੱਕੀਆਂ ਕੀਤੀਆਂ ਜਾਣ।
ਉਨ੍ਹਾਂ ਨੇ ਇਸ ਸਬੰਧੀ ਸਥਿਤੀ ਤੋਂ ਬਾਰੀਕੀ ਨਾਲ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਇੱਕ ਯਾਦ ਪੱਤਰ ਵੀ ਦਿੱਤਾ।
ਦਿੱਲੀ ਤੋਂ ਗੱਲ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਸਾਰੇ ਮਾਮਲੇ ਨੂੰ ਬੜੇ ਧਿਆਨ ਨਾਲ ਸੁਣਿਆ ਹੈ ਅਤੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਨੂੰ ਨਜ਼ਰਸਾਨੀ ਕਰਨ ਲਈ ਆਖਿਆ ਹੈ।
ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਸੰਸਥਾ ਨੂੰ ਤੋੜਨ ਦੇ ਮੰਤਵ ਨਾਲ ਇਹ ਕਾਰਵਾਈ ਵਿਧਾਨ ਸਭਾ ਚੋਣਾਂ ਤੋਂ ਐਨ ਕੁਝ ਸਮਾਂ ਪਹਿਲਾਂ ਕੀਤੀ ਜਾ ਰਹੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਹ ਕਾਰਵਾਈ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਹੈ।
ਇਸ ਤੋਂ ਇਲਾਵਾ ਉਨ੍ਹਾਂ ਸਹਿਜਧਾਰੀ ਮੁੱਦੇ ਬਾਰੇ ਦੱਸਿਆ ਕਿ ਸਹਿਜਧਾਰੀ ਸਿੱਖ ਬਾਰੇ ਸਿੱਖ ਧਰਮ ਵਿੱਚ ਕੋਈ ਪਰਿਭਾਸ਼ਾ ਨਹੀਂ ਹੈ। ਇਹ ਮਾਮਲਾ ਸਹਿਜਧਾਰੀਆਂ ਦੀ ਆੜ ਹੇਠ ਗੈਰ ਸਿੱਖ ਅਤੇ ਧਰਮ ਵਿਰੋਧੀ ਲੋਕਾਂ ਦਾ ਗੁਰਦੁਆਰਾ ਪ੍ਰਬੰਧਾਂ ’ਚ ਦਖਲਅੰਦਾਜ਼ੀ ਦਾ ਹੈ। ਅਵਤਾਰ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਮਾਮਲੇ ਨੂੰ ਵੀ ਗੌਰ ਨਾਲ ਸੁਣਿਆ ਹੈ ਅਤੇ ਤਸੱਲੀਬਖਸ਼ ਕਾਰਵਾਈ ਦਾ ਭਰੋਸਾ ਦਿੱਤਾ ਹੈ।
Related Topics: Avtar Singh Makkar, HSGPC, Shiromani Gurdwara Parbandhak Committee (SGPC)