August 6, 2014 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (5 ਅਗਸਤ 2014): ਵੱਖਰੀ ਹਰਿਆਣਾ ਕਮੇਟੀ ਅਤੇ ਸ਼ਰੋਮਣੀ ਕਮੇਟੀ ਅੰਮ੍ਰਿਤਸਰ ਵਿਚਕਾਰ ਹਰਿਆਣਾ ਦੇ ਗੁਰਦੁਆਰਾ ਸਹਿਬਾਨ ਦੀ ਸੇਵਾ ਸੰਭਾਲ ਲਈ ਚੱਲ ਰਹੇ ਵਿਵਾਦ ਦੇ ਹੱਲ ਲਈ ਪੰਜ ਮੈਂਬਰੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਉਣ ਦੀ ਤਜ਼ਵੀਜ ਬਾਦਲ ਦਲ ਦੀ ਲੀਡਰਸ਼ਿਪ ਵੱਲੋਂ ਹਰਿਆਣਾ ਕਮੇਟੀ ਦੇ ਸੇਵਾ ਸੰਭਾਲ ਮੋਰਚੇ ਨੂੰ ਫੇਲ੍ਹ ਕਰਨ ਦੇ ਉਦੇਸ਼ ਨਾਲ ਪੇਸ਼ ਕੀਤੀ ਸੀ।
ਹਰਿਆਣਾ ਕਮੇਟੀ ਭਲਕੇ ਕੁਰੂਕਸ਼ੇਤਰ ਵਿੱਚ ਇਕੱਠ ਕਰ ਰਹੀ ਹੈ। ਇਸ ਵਿੱਚ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਤੇ ਜਨਰਲ ਸਕੱਤਰ ਜੋਗਾ ਸਿੰਘ ਨੇ ਵਫ਼ਦ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਮਿਲਣ ਤੋਂ ਬਾਅਦ ਕੀਤਾ।
ਕਮੇਟੀ ਦਾ ਵਫਦ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਤੇ ਜੋਗਾ ਸਿੰਘ ਦੀ ਅਗਵਾਈ ਵਿੱਚ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਮਿਲਿਆ। ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸ੍ਰੀ ਝੀਂਡਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਸ਼ੋਸ਼ਾ ਆਪ ਹੀ ਛੱਡਿਆ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜ ਮੈਂਬਰੀ ਕਮੇਟੀ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਗਈ ਸੀ ਪਰ ਸਹਿਮਤੀ ਨਹੀਂ ਬਣੀ। ਵੱਖਰੀ ਕਮੇਟੀ ਦੇ ਆਗੁੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਕਿਸੇ ਹੋਰ ਆਗੂ ਨਾਲ ਅੱਜ ਸੰਪਰਕ ਕਰਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਦੇ ਕਿਸੇ ਆਗੂ ਨਾਲ ਸੰਪਰਕ ਨਹੀਂ ਕੀਤਾ ਗਿਆ।
ਸੂਤਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਮੈਂਬਰੀ ਵਫ਼ਦ ਦੀ ਵੱਖਰੀ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਸਰਨਾ ਭਰਾਵਾਂ ਦੀ ਪਹਿਲਕਦਮੀ ‘ਤੇ ਹੋਈ ਸੀ। ਇਸਨੂੰ ਅਕਾਲ ਤਖ਼ਤ ਦਾ ਥਾਪੜਾ ਵੀ ਮਿਲਿਆ ਸੀ ।
ਜਥੇਦਾਰ ਨਲਵੀ ਨੇ ਦੱਸਿਆ ਕਿ ਰਾਜਪਾਲ ਨੇ ਹਰਿਆਣਾ ਕਮੇਟੀ ਬਾਰੇ ਸਾਰੇ ਪੱਖ ਜਾਣਨ ਤੋਂ ਬਾਅਦ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਵਿਧਾਨ ਸਭਾ ਵਲੋਂ ਵੱਖਰੀ ਕਮੇਟੀ ਬਣਾਉਣ ਬਾਰੇ ਪਾਸ ਕੀਤਾ ਐਕਟ ਵਾਪਸ ਨਹੀਂ ਲਿਆ ਜਾਵੇਗਾ। ਇਤਰਾਜ਼ ਜਤਾਉਣ ਵਾਲੀ ਧਿਰ ਅਦਾਲਤ ਵਿੱਚ ਜਾ ਸਕਦੀ ਹੈ।
Related Topics: Avtar Singh Makkar, HSGPC, S. Jagdish Singh Jhinda, Shiromani Gurdwara Parbandhak Committee (SGPC)