ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਗੁੰਡਾਗਰਦੀ ਦਾ ਦੋਸ਼ ਪੰਜਾਬ ਸਿਰ ਲਾਉਣ ਦੀ ਨਿਖੇਧੀ ਕਰਦਿਆਂ ਇਸ ਨੂੰ ਖੱਟੜ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬੇਤੁਕੀ ਕੋਸ਼ਿਸ਼ ਕਰਾਰ ਦਿੱਤਾ ਹੈ।
ਕੈਪਟਨ ਅਮਰਿੰਦਰ ਨੇ 11 ਸਤੰਬਰ ਨੂੰ ਜਾਰੀ ਬਿਆਨ ਵਿੱਚ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਚਕੁਲਾ ‘ਚ ਗੁੰਡਾਗਰਦੀ ਅੱਤੇ ਅੱਗਜਨੀ ਰੋਕਣ ਵਿੱਚ ਆਪਣੀ ਸਰਕਾਰ ਦੀ ਨਾਕਾਮੀ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਨੇ ਆਖਿਆ ਕਿ ਮਨੋਹਰ ਲਾਲ ਦੀ ਮਾਯੂਸੀ ਇਸ ਗੱਲ ਤੋਂ ਹੀ ਝਲਕਦੀ ਹੈ ਕਿ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਰਾਮ ਰਹੀਮ ਨੂੰ ਭਜਾਉਣ ਦੀ ਸਾਜ਼ਿਸ਼ ਲਈ ਉਨ੍ਹਾਂ ਨੂੰ ਆਪਣੀ ਹੀ ਪੁਲੀਸ ਦੇ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰਨਾ ਪਿਆ। ਹੁਣ ਉਹ ਸਮੁੱਚੇ ਮਸਲੇ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਸਿਰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਤੋਂ ਹਾਸੋ-ਹੀਣੀ ਗੱਲ ਹੋਰ ਨਹੀਂ ਹੋ ਸਕਦੀ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਖਿਆ, ‘ਜੇ ਹਰਿਆਣਾ ਪੁਲਿਸ ਦੇ ਪੰਜ ਮੁਲਾਜ਼ਮ ਦੋਸ਼ੀ ਨਹੀਂ ਸਨ ਤਾਂ ਉਨ੍ਹਾਂ ਨੂੰ ਮੁਅੱਤਲ ਕਿਉਂ ਕੀਤਾ?’ ਉਨ੍ਹਾਂ ਨੇ ਪੰਚਕੂਲਾ ਵਿੱਚ ਡੇਰੇ ਦੇ ਇੱਕ ਲੱਖ ਤੋਂ ਵੱਧ ਹਮਾਇਤੀਆਂ ਦੇ ਇਕੱਠੇ ਹੋਣ ਸਬੰਧੀ ਖੱਟੜ ਵੱਲੋਂ ਪੰਜਾਬ ਨੂੰ ਦੋਸ਼ੀ ਠਹਿਰਾਉਣ ਦੀ ਵੀ ਨਿਖੇਧੀ ਕੀਤੀ। ਕੈਪਟਨ ਨੇ ਆਖਿਆ ਕਿ ਹਿੰਸਾ ਵਿਚਲੀਆਂ ਮੌਤਾਂ ਅਤੇ ਜ਼ਖ਼ਮੀਆਂ ਦੀ ਸ਼ਨਾਖਤ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਚਕੁਲਾ ਪਹੁੰਚੇ ਡੇਰਾ ਪ੍ਰੇਮੀਆਂ ਵਿਚੋਂ ਬਹੁਤੇ ਹਰਿਆਣਾ ਦੇ ਸਨ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਪੰਚਕੁਲਾ ‘ਚ ਇਕੱਠੇ ਹੋਏ ਰਹੇ ਡੇਰਾ ਪ੍ਰੇਮੀਆਂ ਨੂੰ ਪੰਜਾਬ ਵਿਚ ਰੋਕਿਆ ਨਹੀਂ।
ਸਬੰਧਤ ਖ਼ਬਰ:
ਬਲਾਤਕਾਰ ਮਾਮਲਾ: ਡੇਰਾ ਸਮਰਥਕਾਂ ਨੂੰ ਆਪਣਾ ਰੋਸ ਸ਼ਾਂਤੀ ਨਾਲ ਪ੍ਰਗਟ ਕਰਨਾ ਚਾਹੀਦਾ ਸੀ: ਬਾਦਲ …