Site icon Sikh Siyasat News

ਨਾਨਕਸ਼ਾਹੀ ਕੈਲੰਡਰ ਅਤੇ ਹੋਰ ਮੁੱਦਿਆਂ ‘ਤੇ ਵਿਚਾਰ ਕਰਨ ਲਈ 2 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਮੁਲਤਵੀ

ਅੰਮ੍ਰਿਤਸਰ (30 ਦਸੰਬਰ, 2014 ): ਨਾਨਕਸ਼ਾਹੀ ਕੈਲੰਡਰ ਸਮੇਤ ਵੱਖ-ਵੱਖ ਭੱਖਦੇ ਸਿੱਖ ਮਸਲ਼ਿਆਂ ‘ਤੇ ਵੀਚਾਰ ਕਰਨ ਲਈ 2 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਸ਼੍ਰੀ ਅਕਾਲ ਤਖਤ ਸਾਹਿਬ

ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਇਸ ਮੀਟਿੰਗ ਨੂੰ ਮੁਲਤਵੀ ਕਰਨ ਦਾ ਕਾਰਣ ਜੱਥੇਦਾਰ ਅਕਾਲ ਤਖਤ ਸਾਹਿਬ ਦੇ ਰੁਝੇਵੇਂ ਦੱਸਿਆ ਜਾ ਰਿਹਾ ਹੈ, ਪਰ ਪੰਥਕ ਹਲਕਿਆਂ ਵਿੱਚ ਇਸ ਗੱਲ ਦੀ ਚਰਚਾ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਿਮਾਇਤੀਆਂ ਵੱਲੋਂ 1 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਜਾ ਰਹੇ ਇਕੱਠ ਅਤੇ ਤਖਤ ਸ਼੍ਰੀ ਦਮਦਮਾ ਸਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨਾਲ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਚੱਲ ਰਹੇ ਟਕਰਾਅ ਕਾਰਣ ਇਹ ਮੀਟਿੰਗ ਮੁਲਤਵੀ ਕੀਤੀ ਗਈ ਹੈ।

ਇਸ ਮੀਟਿੰਗ ‘ਚ ਨਾਨਕਸ਼ਾਹੀ ਕੈਲੰਡਰ ਮਾਮਲੇ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ‘ਚ ਸਰਕਾਰ ਦੀ ਗੈਰ ਦਿਲਚਸਪੀ ਸਮੇਤ ਹੋਰਨਾ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਣੀ ਸੀ।

ਇਸ ਮੀਟਿੰਗ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਸ਼ਮੂਲੀਅਤ ਨਾਲ ਨਾਨਕਸ਼ਾਹੀ ਕੈਲੰਡਰ ਮੁੱਦੇ ‘ਤੇ ਟਕਰਾਅ ਵਧਣ ਦੀਆਂ ਸੰਭਾਵਨਾਵਾਂ ਵੀ ਜਤਾਈਆਂ ਜਾ ਰਹੀਆਂ ਸਨ, ਕਿਉਂਕਿ ਸੰਤ ਸਮਾਜ ਦੀ ਪਹਿਲਕਦਮੀ ‘ਤੇ ਬਿਕਰਮੀ ਕੈਲੰਡਰ ਦੇ ਹਮਾਇਤੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਆਪਣੇ ਹੱਕ ‘ਚ ਕਰਵਾਉਣ ਲਈ ਲਗਾਤਾਰ ਪ੍ਰਭਾਵ ਵਧਾਇਆ ਜਾ ਰਿਹਾ ਸੀ।

ਇਸ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਦੇ ਮੁਆਫ਼ੀਨਾਮੇ ‘ਤੇ ਵੀ ਵਿਚਾਰ ਕੀਤਾ ਜਾਣਾ ਸੀ, ਜੋ ਹੁਣ ਅਗਾਮੀ ਮੀਟਿੰਗ ‘ਚ ਵਿਚਾਰੇ ਜਾਣ ਦੀ ਸੰਭਾਵਨਾ ਹੈ। ਸਕੱਤਰੇਤ ਵੱਲੋਂ ਫਿਲਹਾਲ ਨਵੀਂ ਤਰੀਕ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version