ਚੰਡੀਗੜ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਵੱਲੋਂ ਬਿਂਤੇ ਦਿਨੀਂ ਮੋਟਰਾਂ ’ਤੇ ਮੀਟਰ ਲਗਾਉਣ ਦੇ ਲਏ ਫ਼ੈਸਲੇ ਨੂੰ ਕਿਸਾਨ ਮਾਰੂ ਦੱਸਦਿਆਂ ਸੜਕਾਂ ’ਤੇ ਆਉਣ ਦੀ ਚਿਤਾਵਨੀ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੋਟਰਾਂ ’ਤੇ ਮੀਟਰ ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਕਿਸਾਨ ਮਾਰੂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਫ਼ੈਸਲਾ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਣ ਲਈ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।
ਕਾਦੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਅੱਜ 1 ਫਰਵਰੀ ਨੂੰ ਪੰਜਾਬ ਭਰ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਂ ਪੱਤਰ ਸੌਂਪਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਨਛੱਤਰ ਸਿੰਘ ਬੈਦਵਾਨ ਨੇ ਕਿਹਾ ਕਿ ਮੋਟਰਾਂ ’ਤੇ ਮੀਟਰ ਲਗਾਉਣਾ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾਈ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਸਰਕਾਰ ਦੇ ਮੋਟਰਾਂ ’ਤੇ ਮੀਟਰ ਲਗਾਉਣ ਦੇ ਫ਼ੈਸਲੇ ਤੋਂ ਇੰਜ ਜਾਪਦਾ ਹੈ ਜਿਵੇਂ ਪੰਜਾਬ ਸਿਰ ਚੜ੍ਹੇ ਕਰਜ਼ੇ ਲਈ ਸਿਰਫ਼ ਕਿਸਾਨਾਂ ਦੇ ਮੋਟਰਾਂ ਦੇ ਬਿੱਲ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ’ਤੇ ਬਿਜਲੀ ਬਿੱਲ ਥੋਪੇ ਗਏ ਤਾਂ ਕਿਸਾਨ ਚੁੱਪ ਕਰਕੇ ਨਹੀਂ ਬੈਠਣਗੇ।