ਨਾਨਕਸ਼ਾਹੀ ਕੈਲੰਡਰ ਜਾਰੀ ਕਰਦੇ ਹੋਏ ਦਲ ਖਾਲਸਾ ਦੇ ਆਗੂ

ਸਿੱਖ ਖਬਰਾਂ

ਨਾਨਕਸ਼ਾਹੀ ਕੈਲੰਡਰ ਦੇ ਮਾਮਲੇ ‘ਤੇ ਅਕਾਲ ਤਖਤ ਸਾਹਿਬ ‘ਤੇ ਇਕੱਤਰਤਾ 9 ਮਾਰਚ ਨੂੰ

By ਸਿੱਖ ਸਿਆਸਤ ਬਿਊਰੋ

March 05, 2015

ਅੰਮ੍ਰਿਤਸਰ (4 ਮਾਰਚ, 2015): ਸਿੱਖ ਕੋਮ ਦੇ ਨਿਆਰੇਪਨ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਦੇ ਮੱਦੇ ‘ਤੇ ਵਿਚਾਰ ਕਰਨ ਲਈ 9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ’ਤੇ ਹੋਣ ਵਾਲੀ ਇਕੱਤਰਤਾ ਸੱਦ ਲਈ ਗਈ ਹੈ ਅਤੇ ਇਸ ਸਬੰਧ ਵਿੱਚ ਕੈਲੰਡਰ ਮਾਹਰਾਂ ਦੀ ਕਮੇਟੀ ਬਣਾਏ ਜਾਣ ਦੀ ਸੰਭਾਵਨਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਕੱਤਰਤਾ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਨੂੰ ਵੀ ਸੱਦਾ ਭੇਜਿਆ ਗਿਆ ਹੈ।

ਉਨ੍ਹਾਂ ਇਹ ਦੱਸਣ ਤੋਂ ਇਨਕਾਰ ਕੀਤਾ ਕਿ ਕੈਲੰਡਰ ਵਿਵਾਦ ਮਾਮਲੇ ਦਾ ਭਵਿੱਖ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਿਆ ਜਾਵੇਗਾ ਅਤੇ ਵਿਚਾਰ ਮਗਰੋਂ ਕੋਈ ਅਗਲਾ ਫੈਸਲਾ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਇਕੱਤਰਤਾ ਵਿੱਚ ਮਾਮਲੇ ਨੂੰ ਵਿਚਾਰਨ ਮਗਰੋਂ ਸਿੰਘ ਸਾਹਿਬਾਨ ਵੱਲੋਂ ਕੈਲੰਡਰ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਕਮੇਟੀ ਵਿੱਚ ਦੋਵਾਂ ਧਿਰਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਵੇਲੇ ਇਕ ਧਿਰ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੇ ਹੱਕ ਵਿੱਚ ਹਨ, ਜਦੋਂ ਕਿ ਦੂਜੀ ਧਿਰ ਬਿਕਰਮੀ ਕੈਲੰਡਰ ਨੂੰ ਮੁੜ ਲਾਗੂ ਕਰਨ ਦੇ ਪੱਖ ਵਿੱਚ ਹੈ।

ਜ਼ਿਕਰਯੋਗ ਹੈ ਕਿ ਸੰਤ ਸਮਾਜ ਤੇ ਹੋਰ ਸਮਰਥਕ ਜਥੇਬੰਦੀਆਂ ਨੇ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਸੀ, ਜਿਸ ਰਾਹੀਂ ਉਨ੍ਹਾਂ ਅਪੀਲ ਕੀਤੀ ਸੀ ਕਿ ਨਾਨਕਸ਼ਾਹੀ ਕੈਲੰਡਰ ਵਿਵਾਦ ਨੂੰ ਖ਼ਤਮ ਕਰਨ ਲਈ ਮੁੜ ਤੋਂ ਬਿਕਰਮੀ ਕੈਲੰਡਰ ਲਾਗੂ ਕੀਤਾ ਜਾਵੇ।

ਨਾਨਕਸ਼ਾਹੀ ਕੈਲੰਡਰ ਸਮਰਥਕ ਧਿਰਾਂ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਦੇ ਕੇ ਅਪੀਲ ਕੀਤੀ ਜਾ ਚੁੱਕੀ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੀ ਥਾਂ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ।

ਇਸ ਮਾਮਲੇ ਵਿੱਚ ਹਾਕਮ ਧਿਰ ਬਾਦਲ ਦਲ ਦਾ ਵਧੇਰੇ ਝੁਕਾਅ ਸੰਤ ਸਮਾਜ ਵੱਲ ਹੈ ਅਤੇ ਇਹ ਸੰਭਾਵਨਾ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਨਾਨਕਸ਼ਾਹੀ ਕੈਲੰਡਰ ਦਾ ਭੋਗ ਪਾ ਕੇ ਮੁੜ ਬਿਕਰਮੀ ਕੈਲੰਡਰ ਨੂੰ ਲਾਗੂ ਕੀਤਾ ਜਾ ਸਕਦਾ ਹੈ ਕਿਉਂਕਿ ਤਖਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪਹਿਲਾਂ ਹੀ ਬਿਕਰਮੀ ਕੈਲੰਡਰ ਸਮਰਥਕ ਹਨ ਅਤੇ ਉਨ੍ਹਾਂ ਵੱਲੋਂ 2003 ਵਿੱਚ ਲਾਗੂ ਕੀਤੇ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: