ਸਿਆਸੀ ਖਬਰਾਂ

ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਤੋਂ ‘ਨਸ਼ੇ ਭਜਾਓ-ਪੰਜਾਬ ਬਚਾਓ’ ਮਾਰਚ ਰਵਾਨਾ

By ਸਿੱਖ ਸਿਆਸਤ ਬਿਊਰੋ

September 06, 2016

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਇਟਿਡ ਅਕਾਲੀ ਦਲ ਵਲੋਂ ਪੰਜਾਬ ਵਿੱਚ 16 ਅਗਸਤ ਤੋਂ ਸ਼ੁਰੂ ਕੀਤੇ ਗਏ ‘ਨਸ਼ੇ ਭਜਾਓ ਪੰਜਾਬ ਬਚਾਓ’ ਚੇਤਨਾ ਮਾਰਚ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਤੋਂ ਇਸ ਚੇਤਨਾ ਮਾਰਚ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਮੌਜੂਦ ਸਨ।

ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਅਲਾਮਤ ਇਸ ਹੱਦ ਤੱਕ ਵੱਧ ਚੁੱਕੀ ਹੈ ਕਿ ਨੌਜਵਾਨਾਂ ਤੋਂ ਇਲਾਵਾ ਧੀਆਂ ਵੀ ਨਸ਼ਾ ਕਰ ਰਹੀਆਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਅਜੇ ਵੀ ਪੰਜਾਬ ਵਿੱਚ ਨਸ਼ੇ ਨਾ ਹੋਣ ਦਾ ਢੰਡੋਰਾ ਪਿੱਟ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੇਤਨ ਕਰ ਕੇ ਹੀ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਕਹਾਉਣ ਵਾਲੀ ਸਰਕਾਰ ਦੇ ਰਾਜ ਭਾਗ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਕਾਂਡ ਤੋਂ ਲੈ ਕੇ ਹੁਣ ਤੱਕ ਬੇਅਦਬੀ ਹੋ ਰਹੀ ਹੈ। ਪੰਜਾਬ ਦਾ ਕਿਸਾਨ ਅਤੇ ਮਜ਼ਦੂਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਇਸ ਮੌਕੇ ਭਾਈ ਅਮਰੀਕ ਸਿੰਘ ਅਜਨਾਲਾ, ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ, ਮਾਸਟਰ ਜੌਹਰ ਸਿੰਘ, ਭਾਈ ਗੁਰਬਚਨ ਸਿੰਘ ਪਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੁਰਜੀਤ ਸਿੰਘ ਤੁਗਲਵਾਲ ਮੈਂਬਰ ਐਸਜੀਪੀਸੀ ਨੇ ਸੰਗਤ ਨੂੰ ਚੇਤਨਾ ਮਾਰਚ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਭਾਈ ਧਿਆਨ ਸਿੰਘ ਮੰਡ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਦੀ ਸਿਆਸਤ ਵਿੱਚ ਏਨਾ ਨਿਘਾਰ ਆ ਚੁੱਕਿਆ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 10 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲਾ “ਸਰਬੱਤ ਖ਼ਾਲਸਾ” ਸਿੱਖ ਕੌਮ ਅਤੇ ਪੰਜਾਬੀਆਂ ਲਈ ਇੱਕ ਨਵੀਂ ਸਿਆਸੀ ਦਿਸ਼ਾ ਲੈ ਕੇ ਆਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: