June 18, 2017 | By ਸਿੱਖ ਸਿਆਸਤ ਬਿਊਰੋ
ਤਰਨ ਤਾਰਨ: ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਹਰੀਕੇ ਵਿੱਚ ਚਲਦੀ ਜਲ ਬੱਸ ਨੂੰ ਸ਼ਨੀਵਾਰ ਨੂੰ ਰੋਕਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਇਹ ਬੱਸ ਉਦੋਂ ਤਕ ਬੰਦ ਰਹੇਗੀ ਜਦੋਂ ਤਕ ਪੰਜਾਬ ਰੋਡਵੇਜ਼ ਮੁਨਾਫ਼ੇ ਵਿੱਚ ਨਹੀਂ ਜਾਂਦੀ। ਇਹ ਜਲ ਬੱਸ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸੁਪਨਮਈ ਪ੍ਰਾਜੈਕਟ ਸੀ। ਇਹ ਪ੍ਰਾਜੈਕਟ ਸੁਖਬੀਰ ਬਾਦਲ ਨੇ 13 ਦਸੰਬਰ, 2016 ਨੂੰ ਚਲਾਇਆ ਸੀ। ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਇਹ ਮਾਮਲਾ ਚੁੱਕਿਆ ਸੀ।
ਇਸ ਤੋਂ ਪਹਿਲਾਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ, ਪਰਮਿੰਦਰ ਸਿੰਘ ਪਿੰਕੀ ਅਤੇ ਸੁਖਪਾਲ ਸਿੰਘ ਭੁੱਲਰ ਨੇ ਸਿੱਧੂ ਨੂੰ ਇਸ ਬੱਸ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਸੀ। ਮੰਤਰੀ ਨੇ ਕਿਹਾ ਕਿ ਉਹ ਇਸ ਬੱਸ ਨੂੰ ਬੰਦ ਕਰਨ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਹੀ ਕਰ ਰਹੇ ਹਨ। ਉਨ੍ਹਾਂ ਨੇ ਬਾਦਲਾਂ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਬਾਦਲਾਂ ਵੱਲੋਂ ਕੀਤੀਆਂ ਬੇਨਿਯਮੀਆਂ ਦੀ ਬਾਰੀਕੀ ਨਾਲ ਜਾਂਚ ਕਰਾਉਣਗੇ ਅਤੇ ਲੋਕਾਂ ਸਾਹਮਣੇ ਸਚਾਈ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਕੀਮਤ ਵਾਲੇ ਇਸ ਘੜੁੱਕੇ (ਬੱਸ) ਨੂੰ ਉਹ ਚਲਾਉਣ ਦੀ ਆਗਿਆ ਨਹੀਂ ਦੇ ਸਕਦੇ। ਉਨ੍ਹਾਂ ਦੱਸਿਆ ਕਿ ਇਹ ਬੱਸ ਹੁਣ ਤਕ ਮਹਿਜ਼ 10 ਵਾਰ ਹੀ ਚੱਲੀ ਹੈ। ਸਿੱਧੂ ਨੇ ਐਲਾਨ ਕੀਤਾ ਕਿ ਉਹ ਹਰੀਕੇ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨਗੇ। ਵਿਧਾਇਕਾਂ ਨੇ ਦੱਸਿਆ ਕਿ ਇਸ ਬੱਸ ਨੂੰ ਚਲਾਉਣ ਲਈ ਦਰਿਆ ’ਚ ਪਾਣੀ ਦਾ ਪੱਧਰ ਉੱਚਾ ਚਾਹੀਦਾ ਹੈ ਅਤੇ ਪਾਣੀ ਦਾ ਪੱਧਰ ਵਧਾਉਣ ਨਾਲ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਜਾਂਦੀਆਂ ਹਨ।
ਸਬੰਧਤ ਖ਼ਬਰ:
ਸਿੱਧੂ ਅਤੇ ਮਨਪ੍ਰੀਤ ਬਾਦਲ ਵਲੋਂ ਦਾਅਵਾ; ਗ਼ੈਰਕਾਨੂੰਨੀ ਬੱਸਾਂ ਹਰ ਹਾਲ ‘ਚ ਬੰਦ ਕੀਤੀਆਂ ਜਾਣਗੀਆਂ …
ਸਿੱਧੂ ਨੇ ਕਿਹਾ ਕਿ ਬਾਦਲ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਸੈਰ-ਸਪਾਟੇ ਦੇ ਨਾਂ ‘ਤੇ ਕੀਤੀ ਗਈ ਲੁੱਟ ਦੀ ਵਿਜੀਲੈਂਸ ਜਾਂਚ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ’ਚ ਗੱਠਜੋੜ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਰੋਡਵੇਜ਼ 350 ਕਰੋੜ ਰੁਪਏ ਦੇ ਘਾਟੇ ਵਿੱਚ ਹੈ ਜਦੋਂ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਸੂਬੇ ਵਿੱਚ ਚੱਲ ਰਹੀਆਂ ਨਾਜਾਇਜ਼ ਬੱਸਾਂ ਨੂੰ ਜਲਦੀ ਬੰਦ ਕੀਤਾ ਜਾਵੇਗਾ।
Related Topics: Harminder Singh Gill, navjot singh sidhu, PRTC, sukhbir singh badal, Water Bus