June 15, 2017 | By ਸਿੱਖ ਸਿਆਸਤ ਬਿਊਰੋ
ਨਿਊਯਾਰਕ: ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੂਨ 10, 2017 ਦਿਨ ਸ਼ਨੀਵਾਰ ਨੂੰ ਮੀਰੀ-ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ।
ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਆਤਮ ਰਸ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲੇ, ਭਾਈ ਲਖਵੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਤੇ ਭਾਈ ਜਸਪਾਲ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਤੇ ਕਥਾਵਾਚਕ ਗਿਆਨੀ ਲਖਵਿੰਦਰ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਅਤੇ ਗੁਰੂ ਸਾਹਿਬਾਂ ਦੇ ਦਰਸਾਏ ਹੋਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਸਮੂਹ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
Related Topics: Sikhs in New York, Sikhs in Untied States