August 30, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ ਵਿੱਚ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਡੇਰੇ ਨਾਲ ਜੁੜੇ ‘ਭੁਲੜ’ ਸਿੱਖਾਂ ਨੂੰ ਘਰ ਵਾਪਸੀ ਦਾ ਸੱਦਾ ਦਿੱਤਾ ਹੈ। ਮੰਗਲਵਾਰ (29 ਅਗਸਤ) ਨੂੰ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਫੈਸਲੇ ਨਾਲ ਲੋਕਾਂ ਨੂੰ ਅਤੇ ਖਾਸ ਕਰਕੇ ਸਿੱਖਾਂ ਨੂੰ ਸਕੂਨ ਮਿਲਿਆ ਹੈ।

ਖੱਬਿਉਂ ਸੱਜੇ: ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿਆਨੀ ਇਕਬਾਲ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ੍ਹ ਸਿੰਘ, ਗਿਆਨੀ ਹਰਪ੍ਰੀਤ ਸਿੰਘ
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਮਾਲਵਾ ਸਮੇਤ ਹੋਰ ਇਲਾਕਿਆਂ ਵਿੱਚ ਜਿੱਥੇ ਡੇਰਿਆਂ ਦਾ ਜ਼ੋਰ ਹੈ, ਉਥੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਣ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਆਰੰਭੀ ਜਾਵੇਗੀ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ ਚਰਚਾ ਵੀ ਕੀਤੀ ਜਾਵੇਗੀ।
ਸਬੰਧਤ ਖ਼ਬਰ:
ਪੰਜ ਸਿੰਘ ਸਾਹਿਬਾਨ ਨੇ ਸੌਦਾ ਸਾਧ ਨੂੰ ਮਾਫ ਕਰਨ ਦਾ ਐਲਾਨ ਕੀਤਾ; ਸਿੱਖ ਸੰਗਤ ਹੈਰਾਨ ਅਤੇ ਪਰੇਸ਼ਾਨ …
ਪਿਛਲੇ ਵਰ੍ਹੇ ਸਤੰਬਰ ਮਹੀਨੇ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਅਤੇ ਮੁੜ ਮੁਆਫੀ ਰੱਦ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਇਹ ਫੈਸਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਡੇਰਾ ਮੁਖੀ ਨੇ ਪੱਤਰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕੀਤਾ ਸੀ ਪਰ ਸੰਗਤ ਦੇ ਰੋਸ ਕਾਰਨ ਪੱਤਰ ਰੱਦ ਕਰ ਦਿੱਤਾ ਸੀ।

ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ (ਫਾਈਲ ਫੋਟੋ)
ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਦੀ ਘਟਨਾ ਸਬੰਧੀ ਉਨ੍ਹਾਂ ਆਖਿਆ ਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ 28 ਅਗਸਤ ਨੂੰ ਸਪੱਸ਼ਟੀਕਰਨ ਲਈ ਸੱਦਿਆ ਸੀ ਪਰ ਉਹ ਹਾਜ਼ਰ ਨਹੀਂ ਹੋਏ। ਹੁਣ ਉਨ੍ਹਾਂ ਨੂੰ 7 ਸਤੰਬਰ ਦਾ ਸਮਾਂ ਦਿੱਤਾ ਹੈ। ਜੇ ਉਹ ਹਾਜ਼ਰ ਨਹੀਂ ਹੁੰਦੇ ਤਾਂ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਸਬੰਧੀ ਠੋਸ ਫੈਸਲਾ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਵੀ ਆ ਜਾਵੇਗੀ।
ਸਬੰਧਤ ਖ਼ਬਰ:
ਸ਼ਰੋਮਣੀ ਕਮੇਟੀ ਨੇ ਸੌਦਾ ਸਾਧ ਨੂੰ ਦਿੱਤੀ ਮੁਆਫੀ ਬਾਰੇ ਦਿੱਤੇ ਇਸ਼ਤਿਹਾਰਾਂ ਤੇ ਖਰਚੇ 91 ਲੱਖ ਰੁਪਏ …
ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਆਪਣੀ ਮੌਕਾਪ੍ਰਸਤ ਪ੍ਰਵਿਰਤੀ ਕਾਰਨ ਸਿੱਖ ਸੰਗਤਾਂ ‘ਚੋਂ ਆਪਣੀ ਸਾਖ ਗਵਾ ਚੁੱਕੇ ਹਨ ਅਤੇ ਕਦੇ ਪ੍ਰਚਾਰ ਮੁਹਿੰਦ ਕਦੇ ਗੁਰਦੁਆਰਾ ਗਿਆਨ ਗੋਦੜੀ ਦੀ ਅਜ਼ਾਦੀ ਦਾ ਮੁੱਦਾ ਚੁੱਕ ਕੇ ਆਪਣੇ ਆਪ ਨੂੰ ਮੁੜ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ‘ਚ ਲੱਗੇ ਹਨ।
Related Topics: Anti-Sikh Deras, CBI Court, Dera Sauda Sirsa, Giani Gurbachan Singh, ram rahim rape case