July 2, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਭਾਰਤ ਵੱਲੋਂ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਦਾ ਸਖ਼ਤ ਵਿਰੋਧ ਕਰਦਿਆਂ ਸੰਯੁਕਤ ਰਾਸ਼ਟਰ ਨੂੰ ਸ਼ਿਕਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੀਟਿੰਗ ਪੀਐਸਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਦੀ ਅਗਵਾਈ ਹੇਠ ਬੋਰਡ ਦੇ ਲਾਹੌਰ ਸਥਿਤ ਦਫ਼ਤਰ ਵਿੱਚ ਹੋਈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਜਾਣ-ਬੁੱਝ ਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਿਆ ਹੈ। ਉਨ੍ਹਾਂ ਆਖਿਆ ਕਿ ਇੱਕ ਮਹੀਨੇ ਵਿੱਚ ਦੋ ਜਥਿਆਂ ਨੂੰ ਆਉਣ ਤੋਂ ਰੋਕਿਆ ਗਿਆ ਹੈ, ਜੋ ਭਾਰਤ ਅਤੇ ਪਾਕਿਸਤਾਨ ਵਿਚਾਲੇ ਧਾਰਮਿਕ ਯਾਤਰਾਵਾਂ ’ਤੇ ਸ਼ਰਧਾਲੂਆਂ ਨੂੰ ਭੇਜਣ ਸਬੰਧੀ ਹੋਈ ਸਮਝੌਤੇ ਦੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਦੋਵੇਂ ਵਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਸਨ ਤੇ ਉਨ੍ਹਾਂ ਨੂੰ ਲਿਆਉਣ ਲਈ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਪਰ ਭਾਰਤੀ ਰੇਲਵੇ ਨੇ ਪਾਕਿਸਤਾਨੀ ਰੇਲਗੱਡੀ ਨੂੰ ਸਰਹੱਦ ਵਿੱਚ ਦਾਖ਼ਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੰਯੁਕਤ ਰਾਸ਼ਟਰ ਅਤੇ ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖਾਨੇ ਕੋਲ ਸ਼ਿਕਾਇਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤੀ ਸਫ਼ਾਰਤਖਾਨੇ ਅਤੇ ਵਾਹਗਾ ਸਰਹੱਦ ’ਤੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਸਬੰਧਤ ਖ਼ਬਰ:
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਭਾਰਤ ਸਰਕਾਰ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ …
ਇਸ ਮੌਕੇ ਸਿੱਖ ਆਗੂਆਂ ਨੇ ਖੁਲਾਸਾ ਕੀਤਾ ਕਿ ਅਸਲ ਵਿਚ ਮੂਲ ਨਾਨਕਸ਼ਾਹੀ ਕੈਲੰਡਰ (2003) ਕਾਰਨ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਆਖਿਆ ਕਿ ਕੈਲੰਡਰ ਮਸਲੇ ‘ਤੇ ਆਪਣੀਆਂ ਹਮਰੁਤਬਾ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨਾਲ ਮੀਟਿੰਗ ਕਰਾਂਗੇ। ਮੀਟਿੰਗ ਵਿੱਚ ਸਿੱਖ ਆਗੂ ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਜਨਰਲ ਸਕਤਰ ਗੋਪਾਲ ਸਿੰਘ ਚਾਵਲਾ, ਸਾਹਿਬ ਸਿੰਘ, ਮਨਿੰਦਰ ਸਿੰਘ ਤੇ ਬੋਰਡ ਦੇ ਵਧੀਕ ਸਕੱਤਰ ਇਮਰਾਨ ਖਾਨ ਵੀ ਹਾਜ਼ਰ ਸਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Pakistan Sikh Gurdwara Committee to move to UN Against India for Preventing Sikh Yatra …
Related Topics: Indian Satae, PSGPC, Shiromani Gurdwara Parbandhak Committee (SGPC), Sikhs In Pakistan