ਫਤਹਿਗੜ੍ਹ ਸਾਹਿਬ (18 ਦਸੰਬਰ, 2009): ਸਿੱਖ ਪੰਥ ਦੇ ਮਹਾਨ ਸ਼ਹੀਦਾਂ ਸਾਹਿਬਜ਼ਾਦਾ ਬਾਬ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੀ ਪੰਥਕ ਕਾਰਨਫਰੰਸ 25 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਖਾਲਸਾ ਐਕਸ਼ਨ ਕਮੇਟੀ ਦੇ ਕਨਵੀਵਰ ਭਾਈ ਮੋਹਕਮ ਸਿੰਘ ਨੇ ਦੱਸਿਆ ਹੈ ਕਿ ਇਹ ਕਾਨਫਰੰਸ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਨਜਦੀਕ ਰੇਲਵੇ ਫਾਟਕ ਕੋਲ ਹੋਵੇਗੀ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਹੋਣ ਵਾਲੀਆਂ ਹਨ।
ਆਗੂਆਂ ਨੇ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਸਿੱਖ ਪੰਥ ਦੀਆਂ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜੀ ਜਥੇਬੰਦੀਆਂ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ), ਖਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮੁੱਖ ਹਨ, ਦੇ ਆਗੂ ਸ਼ਿਰਕਤ ਕਰਨਗੇ। ਆਗੂਆਂ ਦਾ ਕਹਿਣਾ ਹੈ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ, ਜਿਨ੍ਹਾਂ ਵਿੱਚ ਮੌਜੂਦਾ ਰਾਜਸੀ ਪ੍ਰਬੰਧ, ਨਸ਼ੇ, ਪਤਿਤਪੁਣਾ ਅਤੇ ਡੇਰਾਵਾਦ ਪ੍ਰਮੁੱਖ ਹਨ, ਸਬੰਧੀ ਗੰਭੀਰ ਵਿਚਾਰ ਚਰਚਾ ਹੋਵੇਗੀ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਾਂਝੀ ਰਣਨੀਤੀ ਘੜ੍ਹਨ ਸਬੰਧੀ ਵਿਚਾਰਾਂ ਹੋਣਗੀਆਂ।