ਚੰਡੀਗੜ੍ਹ/ ਮੋਹਾਲੀ (ਮਈ 31, 2010): ਘੱਲੂਘਾਰਾ ਯਾਦਗਾਰੀ ਮਾਰਚ ਨੂੰ ਰੋਕਣ ਲਈ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂਆਂ ਦੀ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਵਿਰੁੱਧ ਪੰਚ ਪ੍ਰਧਾਨੀ ਨੇ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਖਿੱਚਦਿਆਂ ਇੱਕ ਪਟੀਸ਼ਨ ਦਾਇਰ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਸ. ਹਰਪਾਲ ਸਿੰਘ ਚੀਮਾ ਤੇ ਸ. ਕੁਮਿੱਕਰ ਸਿੰਘ ਮੁਕੰਦਪੁਰ ਨੇ ਦੱਸਿਆ ਕਿ ਪਾਰਟੀ ਵੱਲੋਂ ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਾਇਮ ਕੀਤੇ ਸਿੱਖ ਰਾਜ ਦੀ ਤੀਸਰੀ ਸ਼ਤਾਬਦੀ ਨੂੰ ਸਮਰਪਿਤ ਇੱਕ ਘੱਲੂਘਾਰਾ ਯਾਦਗਾਰੀ ਮਾਰਚ 1 ਤੋਂ 6 ਜੂਨ ਤੱਕ ਕੀਤਾ ਜਾ ਰਿਹਾ ਹੈ, ਜਿਸ ਬਾਰੇ ਪੰਜਾਬ ਪੁਲਿਸ ਦੇ ਮੁਖੀ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਅਗਾਊਂ ਜਾਣਕਾਰੀ ਦਿੱਤੀ ਗਈ ਸੀ, ਪਰ ਪੁਲਿਸ ਵੱਲੋਂ ਬਿਨਾ ਕਿਸੇ ਕਾਰਨ ਦੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਫੜ੍ਹਨ ਦੀ ਗੈਰ-ਜਮਹੂਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀਆਂ ਦੇ ਮੱਦੇ ਨਜ਼ਰ ਪੰਚ ਪ੍ਰਧਾਨੀ ਨੇ ਹਾਈ ਕੋਰਟ ਦੇ ਦਖਲ ਦੀ ਮੰਗ ਕੀਤੀ ਹੈ।
ਪੰਚ ਪ੍ਰਧਾਨੀ ਦੇ ਵਕੀਲ ਸ. ਆਰ. ਐਸ ਬੈਂਸ ਅਨੁਸਾਰ ਇਸ ਪਟੀਸ਼ਨ ਨੂੰ ਪ੍ਰਵਾਣ ਕਰਦਿਆਂ ਉੱਤੇ ਮਾਣਯੋਗ ਅਦਾਲਤ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਸਵੇਰੇ 10 ਵਜੇ ਤੱਕ ਆਪਣਾ ਪੱਖ ਪੇਸ਼ ਕਰਨ ਦਾ ਸਮਾਂ ਦਿੱਤਾ ਹੈ ਅਤੇ ਕੱਲ ਅਦਾਲਤ ਵੱਲੋਂ ਇਸ ਪਟੀਸ਼ਨ ਸਬੰਧੀ ਫੈਸਲਾ ਸੁਣਾ ਦਿੱਤਾ ਜਾਵੇਗਾ।