ਫਤਿਹਗੜ੍ਹ ਸਾਹਿਬ, 7 ਮਈ () : ਬਾਬਾ ਬੰਦਾ ਸਿੰਘ ਬਹਾਦਰ ਵਲੋਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਅਤੇ ਸਰਹਿੰਦ ਫ਼ਤਿਹ ਦੀ ਤੀਜੀ ਸ਼ਤਾਬਦੀ ਮੌਕੇ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 14 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਡੀ.ਸੀ. ਦਫ਼ਤਰ ਸਾਹਮਣੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਿੱਖ ਜਰਨੈਲਾਂ ਦੀਆ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।
ਇਸ ਸਬੰਧੀ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਅਮਰੀਕ ਸਿੰਘ ਈਸੜੂ ਅਤੇ ਜਥੇਬੰਦਕ ਸਕੱਤਰ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦੁਨੀਆ ਵਿਚ ਪਹਿਲੇ ਖਾਲਸਾ ਰਾਜ ਦੀ ਸਥਾਪਨਾ ਕੀਤੀ ਇਸ ਸਿੱਖ ਰਾਜ ਦੀ ਉਨਤੀ ਤੇ ਤਰੱਕੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸਦੀ ਕਰੰਸੀ ਕੀਮਤ ਪੂਰੀ ਦੁਨੀਆਂ ਵਿੱਚੋਂ ਸਭ ਤੋਂ ਵੱਧ ਸੀ। ਉਕਤ ਆਗੂਆਂ ਨੇ ਕਿਹਾ ਕਿ ਇਸ ਸਿੱਖ ਰਾਜ ਦੀ ਕਾਇਮੀ ਅਤੇ ਪੁਨਰ ਸਥਾਪਨਾ ਲਈ ਯੋਗਦਾਨ ਪਾਉਣ ਵਾਲੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਦੀ ਪ੍ਰਦਰਸਨੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਦੇ ਸਾਹਮਣੇ ਲਗਾਈ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਮਹਾਨ ਯੋਧਿਆਂ ਦੀਆਂ ਮਨੁਖੱਤਾ ਦੀ ਸੇਵਾ ਵਿਚ ਹਲੀਮੀ ਰਾਜ ਲਈ ਕੀਤੀਆਂ ਘਾਲਨਾਵਾ ਅਤੇ ਸਿੱਖ ਰਾਜ ਦੇ ਸੰਕਲਪ ਤੋਂ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜ਼ੂਦਾ ਦੌਰ ਵਿਚ ਗੁਰੁ ਸਾਹਿਬਾਨ ਵਲੋਂ ਚਿਤਵੇ ਰਾਜ ਦਾ ਸੰਕਲਪ ਦੁਨੀਆਂ ਸਾਹਮਣੇ ਰੱਖਣਾ ਬੇਹੱਦ ਜ਼ਰੂਰੀ ਹੈ ਤੇ ਗੁਰਬਾਣੀ ਦਾ ਇਹ ਰਾਜ ਸੰਕਲਪ ਵਿਸ਼ਵ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਇਕੋ-ਇੱਕ ਹੱਲ ਹੈ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਇਨ੍ਹਾਂ ਤੈਸ਼ਤਾਬਦੀ ਸਮਾਗਮਾਂ ਮੌਕੇ ਇਸੇ ਸੰਕਲਪ ਤੋਂ ਲੋਕਾਈ ਨੂੰ ਜਾਣੂੰ ਕਰਵਾਇਆ ਜਾਵੇ। ਇਸ ਸਮੇਂ ਉਕਤ ਆਗੂਆਂ ਨਾਲ ਦਰਸ਼ਨ ਸਿੰਘ ਬੈਣੀ, ਮਹਿੰਦਰ ਸਿੰਘ ਮਨੈਲੀ, ਸੰਤੋਖ ਸਿੰਘ ਸਲਾਣਾ, ਸਰਪੰਚ ਗੁਰਮੁਖ ਸਿੰਘ ਡਡਹੇੜੀ, ਭਗਵੰਤ ਸਿੰਘ ਮਹੱਦੀਆਂ ਆਦਿ ਵੀ ਹਾਜ਼ਰ ਸਨ।