ਅੰਮ੍ਰਿਤਸਰ (23 ਨਵੰਬਰ, 2014): ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਮ੍ਰਿਤਸਰ ਸਾਹਿਬ ਤੋਂ ਸਾਬਕਾ ਭਾਜਪਾ ਐੱਮਪੀ ਨਵਜੋਤ ਸਿੱਧੂ ਵੱਲੋਂ ਗੁਰਬਾਣੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿੱਖ ਕੇ ਸਿੱਧੂ ਖਿਾਲਫ ਕਾਰਵਾਈ ਦੀ ਮੰਗ ਕੀਤੀ ਹੈ।
ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੌਂਪੇ ਪੱਤਰ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਗੂ ਨਵਜੋਤ ਸਿੱਧੂ ਵੱਲੋਂ ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਵੱਲੋਂ ਉਚਾਰੀ ਗਈ ਬਾਣੀ ਨੂੰ ਪਾਂਡਵ ਭਰਾਵਾਂ ਦੇ ਅਰਜਨ ਨਾਲ ਜੋੜ ਕੇ ਗਲਤਬਿਆਨੀ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਬਾਣੀ ਦੀ ਤੁਕ ਨੂੰ ਬੋਲਿਆ ਵੀ ਗਲਤ ਢੰਗ ਨਾਲ ਗਿਆ ਹੈ ਜੋ ਗੁਰਬਾਣੀ ਦੀ ਬੇਅਦਬੀ ਹੈ।
ਉਨ੍ਹਾਂ ਸ਼ੰਕਾ ਪ੍ਰਗਟਾਈ ਹੈ ਕਿ ਸ੍ਰੀ ਸਿੱਧੂ ਵੱਲੋਂ ਅਜਿਹਾ ਆਰ.ਐਸ.ਐਸ. ਦੇ ਇਸ਼ਾਰੇ ’ਤੇ ਕੀਤਾ ਗਿਆ ਹੈ ਕਿਉਂਕਿ ਇਹ ਜਥੇਬੰਦੀ ਪੰਜਾਬ ਵਿੱਚ ਆਪਣੀਆਂ ਗਤੀਵਿਧੀਆਂ ਵਧਾ ਰਹੀ ਹੈ ਜਿਸ ਨਾਲ ਸਿੱਖੀ ਸਿਧਾਂਤਾਂ ਨੂੰ ਖਤਰਾ ਹੈ। ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਕੋਈ ਵੀ ਪ੍ਰਤੀਕਰਮ ਦੇਣ ਤੋਂ ਨਾਂਹ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕਹਿਣਾ ਚਾਹੁੰਦੇ। ਉਨ੍ਹਾਂ ਕਿਸੇ ਖ਼ਿਲਾਫ਼ ਕੋਈ ਸ਼ਬਦ ਨਹੀਂ ਕਿਹਾ ਹੈ।
ਇਸ ਸਬੰਧੀ ਉਨ੍ਹਾਂ ਇੱਕ ਸੀ.ਡੀ. ਵੀ ਸਬੂਤ ਵਜੋਂ ਸੌਂਪੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੱਤਰ ਅਤੇ ਸੀ.ਡੀ. ਮਿਲ ਗਏ ਹਨ ਪਰ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਕੋਈ ਵੀ ਪ੍ਰਤੀਕਰਮ ਦੇਣ ਤੋਂ ਨਾਂਹ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕਹਿਣਾ ਚਾਹੁੰਦੇ। ਉਨ੍ਹਾਂ ਕਿਸੇ ਖ਼ਿਲਾਫ਼ ਕੋਈ ਸ਼ਬਦ ਨਹੀਂ ਕਿਹਾ ਹੈ।