May 25, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਪੀਲੀਭੀਤ ਜੇਲ੍ਹ (ਯੂਪੀ) ਵਿੱਚ ਸੰਨ 1994 ਵਿੱਚ 7 ਸਿੱਖ ਹਵਾਲਾਤੀਆਂ ਦੇ ਹੋਏ ਕਤਲ ਦੇ ਸਬੰਧ ‘ਚ ਅਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 7 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ।

ਸੁਖਵੰਤ ਕੌਰ ਆਪਣੇ ਪਰਿਵਾਰ ਨਾਲ। ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਪੀਲੀਭੀਤ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਨੂੰ ਰਿਹਾਅ ਹੋਣ ਮਗਰੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ। ਉਸ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ
ਸੰਨ 1994 ਵਿੱਚ 8 ਤੇ 9 ਨਵੰਬਰ ਦੀ ਦਰਮਿਆਨੀ ਰਾਤ ਨੂੰ ਜੇਲ੍ਹ ਵਿੱਚ ਸਿੱਖ ਹਵਾਲਾਤੀਆਂ ਨੂੰ ਜੇਲ੍ਹ ਸੁਪਰਡੈਂਟ ਵਿੰਧਿਆਂਚਲ ਸਿੰਘ ਯਾਦਵ ਤੇ ਹੋਰ ਅਧਿਕਾਰੀਆਂ ਵੱਲੋਂ ਬਹੁਤ ਜ਼ਿਆਦਾ ਕੁੱਟਿਆ ਗਿਆ ਸੀ। ਇਸ ਕਰ ਕੇ ਸੱਤ ਹਵਾਲਾਤੀਆਂ ਦੀ ਮੌਤ ਹੋ ਗਈ ਸੀ ਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਸਾਲ 2007 ਵਿੱਚ ਪੀਲੀਭੀਤ ਜ਼ਿਲ੍ਹਾ ਅਦਾਲਤ ਨੇ ਮੁਲਾਇਮ ਸਿੰਘ ਯਾਦਵ ਸਰਕਾਰ ਵੱਲੋਂ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕੇਸ ਵਾਪਸ ਲੈਣ ਲਈ ਦਾਇਰ ਅਰਜ਼ੀ ਮਨਜ਼ੂਰ ਕਰ ਲਈ ਸੀ। ਇਸ ਖ਼ਿਲਾਫ਼ ਗਵਾਹਾਂ ਨੂੰ ਨਾਲ ਲੈ ਕੇ ਦਿੱਲੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਕੇਸ ਦਾਖ਼ਲ ਕੀਤਾ ਗਿਆ ਸੀ। ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਦਿੱਲੀ ਕਮੇਟੀ ਨੂੰ ਮਾਮਲੇ ਸਬੰਧੀ ਅਲਾਹਾਬਾਦ ਹਾਈ ਕੋਰਟ ਜਾਣ ਦਾ ਆਦੇਸ਼ ਦਿੱਤਾ ਸੀ। ਹੁਣ ਜਸਟਿਸ ਰਮੇਸ਼ ਸਿਨਹਾ ਤੇ ਜਸਟਿਸ ਉਮੇਸ਼ ਚੰਦਰ ਸ੍ਰੀਵਾਸਤਵ ਦੇ ਬੈਂਚ ਨੇ ਯੂ.ਪੀ. ਸਰਕਾਰ ਨੂੰ ਇਸ ਮਸਲੇ ’ਤੇ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। 41 ਮੁਲਜ਼ਮਾਂ ਵਿੱਚੋਂ 24 ਮੁਲਜ਼ਮਾਂ ਨੂੰ ਹੀ ਹਾਲੇ ਤੀਕ ਕੇਸ ਸਬੰਧੀ ਕਾਗਜ਼ਾਤ ਪੁੱਜੇ ਹਨ। ਇਸ ਕਰ ਕੇ ਅਦਾਲਤ ਵੱਲੋਂ ਅਗਲੀ ਸੁਣਵਾਈ 14 ਜੁਲਾਈ ਨੂੰ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਸਬੰਧਤ ਖ਼ਬਰ:
ਪੀਲੀਭੀਤ ਹਿਰਾਸਤੀ ਮੌਤਾਂ: ਹਾਈਕੋਰਟ ਨੇ 7 ਜੁਲਾਈ ਤਕ ਯੂ.ਪੀ. ਸਰਕਾਰ ਨੂੰ ਜਵਾਬ ਦੇਣ ਲਈ ਕਿਹਾ …
Related Topics: Fake Encounter in India, Minorities in India, Pilibhit Jail Killings, Sikh Political Prisoners, Sikhs in India, Sikhs in UP