August 23, 2017 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਮਾਮਲੇ ਵਿੱਚ ਵੱਡੀ ਗਿਣਤੀ ਸੰਗਤ ਖ਼ਿਲਾਫ਼ ਕੇਸ ਦਰਜ ਹੋਣ ਦੀ ਨਿਖੇਧੀ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰਾਂ ਖ਼ਿਲਾਫ਼ ਬੇਅਦਬੀ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਝੂਠੇ ਕੇਸਾਂ ਦੀ ਬਜਾਏ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ।

ਪਟਿਆਲਾ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੇ ਹੋਰਾਂ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਰਜ ਹੋਣੇ ਚਾਹੀਦੇ ਹਨ। ਪ੍ਰੋ. ਬਡੂੰਗਰ ਨੇ ਉੱਤਰਾਖੰਡ ਵਿੱਚ ਗੁਰਦੁਆਰਾ ਗਿਆਨ ਗੋਦੜੀ ਮਾਮਲੇ ਦੇ ਹੱਲ ਲਈ ਬਣੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਤੇ ਹੋਰ ਪੰਥਕ ਅਦਾਰਿਆਂ ਵਿੱਚੋਂ ਕੋਈ ਨੁਮਾਇੰਦਾ ਸ਼ਾਮਲ ਨਾ ਕੀਤੇ ਜਾਣ ‘ਤੇ ਇਤਰਾਜ਼ ਪ੍ਰਗਟ ਕੀਤਾ।
ਜਦਕਿ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਇਕ ਸਿੱਖ ਹੋਣ ਦੇ ਨਾਤੇ ਗੁਰਦੁਆਰਾ ਸਾਹਿਬ ਗਏ ਸਨ, ਉਨ੍ਹਾਂ ਨੇ ਕਿਸੇ ਕਿਸਮ ਦੀ ਦਖਲਅੰਦਾਜ਼ੀ ਨਹੀਂ ਕੀਤੀ। ਸੱਤਾ ਖੁਸ ਜਾਣ ਤੋਂ ਬਾਅਦ ਬਾਦਲ ਦਲ ਦੇ ਆਗੂਆਂ ਦਾ ਦਿਮਾਗੀ ਤਵਾਜ਼ਨ ਖਰਾਬ ਹੋ ਗਿਆ ਹੈ।
Related Topics: Congress Government in Punjab 2017-2022, Partap Singh Bajwa, Prof. Kirpal Singh Badunger, Shiromani Gurdwara Parbandhak Committee (SGPC)