ਖੰਡੂਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਦੋਂ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਖੰਡੂਰ ਸਾਹਿਬ ਹਲਕੇ ਦੇ ਪਿੰਡ ਭੈਰੋਵਾਲ ਵਿਖੇ ਅੱਜ ਸੰਗਤ ਦਰਸ਼ਨ ਕਰਨ ਲਈ ਪਹੁੰਚੇ।ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਫੜਕੇ ਬਾਦਲ ਦਾ ਵਿਰੋਧ ਕੀਤਾ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਲੋਕ ਰੋਹ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਬਾਦਲ ਲਗਭਗ ਤਿੰਨ ਮਹੀਨਿਆਂ ਬਾਅਦ ਸੰਗਤ ਦਰਸ਼ਨ ਲਈ ਕਿਸੇ ਪਿੰਡ ਗਏ ਸਨ।ਪਰ ਵੱਡੀ ਗਿਣਤੀ ਵਿੱਚ ਕਾਲੀਆਂ ਝੰਡੀਆਂ ਲੈ ਕੇ ਪਹੁੰਚੇ ਕਿਸਾਨਾਂ ਨੂੰ ਵੇਖ ਕੇ ਬਾਦਲ ਬਹੁਤੀ ਦੇਰ ਪਿੰਡ ਵਿੱਚ ਨਾ ਰੁਕੇ, ਭਾਵੇਂ ਕਿ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਬਾਦਲ ਨੂੰ ਕਾਲੇ ਝੰਡੇ ਵਿਖਾਉਂਦੇ ਹੋਏ ਕਿਸਾਨਾਂ ਵੱਲੋਂ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਿਲ ਸਨ ਬਾਦਲ-ਮੋਦੀ ਮੁਰਦਾਬਾਦ ਅਤੇ ਕਿਸਾਨਾਂ ਦਾ ਖੂਨ ਪੀਣੀਆਂ ਸਰਕਾਰਾਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ।ਕਿਸਾਨਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹਿਣ ਦੇ ਮਸਲੇ ਤੇ ਵੀ ਪੰਜਾਬ ਸਰਕਾਰ ਦੀ ਸਖਤ ਅਲੋਚਨਾ ਕੀਤੀ ਗਈ।
ਕਿਸਾਨ ਆਗੂ ਜਸਬੀਰ ਸਿੰਘ ਨੇ ਕਿਹਾ ਕਿ ਮਾਲਵੇ ਵਿੱਚ ਨਰਮੇ ਦੀ ਫਸਲ ਦੀ ਬਰਬਾਦੀ, ਦੋਆਬੇ ਵਿੱਚ ਕਿਸਾਨਾਂ ਨੂੰ ਗੰਨੇ ਦਾ ਪੈਸਾ ਨਾ ਮਿਲਣ ਅਤੇ ਪੰਜਾਬ ਵਿੱਚ ਬਾਸਮਤੀ ਦੀ ਕੀਤੀ ਗਈ ਵੱਡੀ ਲੁੱਟ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਇਹ ਰੋਸ ਵਿਖਾਵਾ ਕੀਤਾ ਗਿਆ, ਜੋ ਮੰਗਾਂ ਨਾ ਮੰਨੇ ਜਾਣ ਤੱਕ ਲਗਾਤਾਰ ਜਾਰੀ ਰਹਿਣਗੇ।