ਚੰਡੀਗੜ੍ਹ(28 ਜੁਲਾਈ 2014) : ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਦਾਇਰ ਪਟੀਸਨ ‘ਤੇ ਕਾਰਵਾਈ ਕਰਦਿਆਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਸਰਕਾਰਾਂ ਸਮੇਤ ਹਰਿਆਣਾ ਦੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਹਾਈਕੋਰਟ ਨੇ ਅੱਜ ਐਡਵੋਕੇਟ ਰਾਮ ਸਿੰਘ ਸੋਮਲ ਵਲੋਂ ਵਖਰੀ ਕਮੇਟੀ ਦੇ ਵਿਰੋਧ ਚ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 5 ਸਤੰਬਰ ਲਈ ਨੋਟਿਸ ਜਾਰੀ ਕੀਤਾ ਹੈ।
ਇਸ ਦੌਰਾਨ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਮਸਲੇ ‘ਤੇ ਕਾਨੂੰਨੀ ਲੜਾਈ ਲੜਨ ਲਈ ਮਾਹਿਰਾਂ ਦੀ ਸਲਾਹ ਲੈ ਰਹੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਮਸਲੇ ‘ਤੇ ਬੁਲਾਏ ਗਏ ਪੰਥਕ ਸੰਮੇਲਨ ਜੱਥੇਦਾਰ ਅਕਾਲ ਤਖਤ ਸਾਹਿਬ ਦੇ ਕਹਿਣ ‘ਤੇ ਰੱਦ ਕਰਨ ਤੋਂ ਬਾਅਦ ਹੁਣ ਮਾਮਲੇ ਦੀ ਸਿਆਸੀ ਲੜਾਈ ਦੀ ਬਜਾਏ ਕਾਨੂੰਨੀ ਲੜਾਈ ਦੀ ਅਹਿਮੀਅਤ ਜ਼ਿਆਦਾ ਵਧ ਗਈ ਹੈ।