Site icon Sikh Siyasat News

ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੇ ਸਾਜਿਸ਼ਕਾਰਾਂ ਨੂੰ ਪੰਜਾਬ ਸਰਕਾਰ ਬਚਾ ਰਹੀ ਹੈ: ਸਰਨਾ

ਦਮਦਮੀ ਟਕਸਾਲ ਨਾਲ ਸਬੰਧਤ ਵਿਅਕਤੀਆਂ ਮੀਡੀਆ ਨਾਲ ਗੱਲ ਕਰਦੇ ਹੋਏ।

ਨਵੀਂ ਦਿੱਲੀ: ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨਕਾਰ ਕੀਤੇ ਜਾਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਦੇ ਇਨਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕਤਲ ਸਰਕਾਰੀ ਸਾਜਿਸ਼ ਤਹਿਤ ਕਰਵਾਇਆ ਗਿਆ ਹੈ।

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ (ਫਾਈਲ ਫੋਟੋ)

ਜਾਰੀ ਇਕ ਬਿਆਨ ਰਾਹੀਂ ਸਰਨਾ ਨੇ ਕਿਹਾ ਕਿ ਦੋਵੇਂ ਪਿਉ ਪੁੱਤ ਵਾਰੀ ਵਾਰੀ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਰਾਜ਼ੀਨਾਮੇ ਲਈ ਦਬਾਅ ਪਾਉਂਦੇ ਰਹੇ ਪਰ ਜਦੋਂ ਉਹਨਾਂ ਨੇ ਕਿਸੇ ਕਿਸਮ ਦਾ ਰਾਜ਼ੀਨਾਮਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਹਮਲਾਵਰਾਂ ਨੂੰ ਤਾਂ ਗ੍ਰਿਫਤਾਰ ਕਰ ਲਿਆ ਪਰ ਸਾਜਿਸ਼ ਘਾੜਿਆਂ ਨੂੰ ਅੱਜ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ ਜੋ ਇਸ ਕਤਲ ਵਿਚ ਸ਼ਾਮਲ ਦੋਸ਼ੀਆਂ ਦੀ ਪੂਰੀ ਤਰ੍ਹਾਂ ਪਿੱਠ ਠੋਕ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਬਾਦਲ ਨੂੰ ਕਿਸੇ ਉਦਾਹਰਣ ਦੀ ਲੋੜ ਹੈ ਤਾਂ ਉਹਨਾਂ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕੋਲੋਂ ਮੱਤ ਲੈ ਲੈਣੀ ਚਾਹੀਦੀ ਹੈ ਜਿਹਨਾਂ ਨੇ ਇਕ ਪੱਤਰਕਾਰ ਦੇ ਕਤਲ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰ ਲਿਆ। ਉਹਨਾਂ ਕਿਹਾ ਕਿ ਭਾਈ ਭੁਪਿੰਦਰ ਸਿੰਘ ਦੇ ਕਤਲ ਦੀ ਜਾਂਚ ਦੀ ਜ਼ਿੰਮੇਵਾਰੀ ਤੁਰੰਤ ਸੀ.ਬੀ.ਆਈ. ਨੂੰ ਸੌਂਪੀ ਜਾਵੇ ਅਤੇ ਇਹ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਈ ਜਾਵੇ ਤਾਂ ਕਿ ਸਿਆਸੀ ਦਖਲਅੰਦਾਜ਼ੀ ਨੂੰ ਰੋਕਿਆ ਜਾ ਸਕੇ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਯਕੀਨ ਦਿਵਾਉਂਦਾ ਹੈ ਕਿ ਉਹਨਾਂ ਦੀ ਜਾਤੀ, ਸਿਆਸੀ ਅਤੇ ਜਮਾਤੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version