ਚੰਡੀਗੜ (15 ਜੁਲਾਈ 2014): ਅੱਜ ਸ਼ਾਮੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਦਾ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਮੁਕੰਮਲ ਕਰਨ ਦਾ ਪੰਜਾਬ ਵਿਰੋਧੀ ਇਹ ਕਦਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਸੀ ਲਾਹਾ ਲੈਣ ਦੀ ਇੱਕ ਕੋਝੀ ਚਾਲ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਵਿਧਾਨ ਸਭਾ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਮੁਕੰਮਲ ਕਰਨ ਲਈ ਕੇਂਦਰ ਸਰਕਾਰ ਦਾ ਦਖਲ ਮੰਗਣ ਸਬੰਧੀ ਪਾਸ ਕੀਤੇ ਗਏ ਮਤੇ ਦੀ ਕਰੜੀ ਨਿੰਦਾ ਕੀਤੀ ਹੈ।
ਪਾਸ ਕੀਤੇ ਗਏ ਮਤੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਇਹ ਸਟੈਂਡ ਮੁੜ ਦੁਹਰਾਇਆ ਹੈ ਕਿ ਪੰਜਾਬ ਆਪਣੇ ਦਰਿਆਵਾਂ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣੇ ਨੂੰ ਹੋਰ ਨਹੀਂ ਦੇਵੇਗਾ ਕਿਉਂਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਬਹੁਤ ਜ਼ਿਆਦਾ ਘਾਟ ਹੈ।
ਪਾਰਟੀ ਨੇ ਕਿਹਾ ਹੈ ਕਿ ਉਹ ਦੁਨੀਆਂ ਭਰ ਵਿੱਚ ਪਾਣੀਆਂ ਦੀ ਵੰਡ ਸਬੰਧੀ ਮੰਨੇ ਜਾਂਦੇ ਰਾਏਪੇਰੀਅਨ ਕਾਨੂੰਨ ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟੇਗਾ ਕਿਉਂਕਿ ਦਰਿਆਈ ਪਾਣੀ ਪੰਜਾਬ ਦੀ ਸ਼ਾਹਰਗ ਹਨ।
ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਬਿਨਾ ਚਰਨਜੀਤ ਸਿੰਘ ਅਟਵਾਲ, ਜਥੇਦਾਰ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਸੇਵਾ ਸਿੰਘ ਸੇਖਵਾਂ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਸੁੱਚਾ ਸਿੰਘ ਲੰਗਾਹ, ਬਲਵੰਤ ਸਿਘ ਰਾਮੂਵਾਲੀਆ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਮਹੇਸ਼ ਇੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।