January 3, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਪੰਜਾਬ ਲੀਗਲ ਸੈਲ ਇੰਚਾਰਜ ਅਤੇ ਮਜੀਠਾ ਤੋਂ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਐਸਵਾਈਐਲ ਮੁੱਦੇ ਉਤੇ ਕਾਂਗਰਸੀਆਂ ਦੇ ਅਸਤੀਫਿਆਂ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਉਹ ਸਪੀਕਰ ਸਾਹਮਣੇ ਪੇਸ਼ ਕਿਉਂ ਨਹੀਂ ਹੋਏ, ਜਦਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਉਨ੍ਹਾਂ ਲਈ ਬਹੁਤ ਜ਼ਰੂਰੀ ਸੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਪੀਕਰ ਵੱਲੋਂ 20-22 ਦਸੰਬਰ ਅਤੇ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਤਾਂ ਕਿ ਉਹ ਪੁਸ਼ਟੀ ਕਰ ਸਕਣ ਕਿ ਇਹ ਅਸਤੀਫੇ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੇ ਸਨ, ਪਰ ਉਨ੍ਹਾਂ ਵੱਲੋਂ ਪੇਸ਼ ਨਾ ਹੋਣਾ ਅਸਤੀਫਿਆਂ ਬਾਰੇ ਗੰਭੀਰ ਨਾ ਹੋਣ ਦਾ ਸ਼ੱਕ ਜਤਾਉਂਦਾ ਹੈ।
ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਲੋਕ ਸਭਾ ਸਪੀਕਰ ਨੂੰ ਅਸਤੀਫੇ ਦਾ ਲੈਟਰ ਭੇਜ ਕੇ ਡਰਾਮਾ ਰਚਿਆ ਹੈ, ਜਦਕਿ ਇਹ ਸਭ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਨਿਯਮ ਦੇ ਮੁਤਾਬਿਕ ਅਸਤੀਫਾ ਇੱਕ ਲਾਈਨ ਵਾਲਾ ਹੋਣਾ ਚਾਹੀਦਾ ਹੈ। ਆਖਿਰਕਾਰ ਉਨ੍ਹਾਂ ਨੂੰ ਵਿਰੋਧੀ ਪਾਰਟੀਆਂ ਦੇ ਦਬਾਅ ਕਾਰਨ ਅਸਤੀਫਾ ਦੇਣਾ ਪਿਆ, ਜਿਸ ਕਾਰਨ ਉਨ੍ਹਾਂ ਦੇ ਡਰਾਮੇ ਦਾ ਭਾਂਡਾ ਭੰਨਿਆ ਗਿਆ।
ਬਠਿੰਡਾ ਵਿਖੇ ਵਾਪਰੀ ਘਟਨਾ, ਜਿਸ ਵਿੱਚ ਅਕਾਲੀ ਸੰਸਦ ਬਲਵਿੰਦਰ ਸਿੰਘ ਭੂੰਦੜ ਦੇ ਗੁੰਡਿਆਂ ਨੇ ਦੋ ਬੰਦਿਆਂ ਦੀ ਕੁੱਟਮਾਰ ਕੀਤੀ ਸੀ, ਜਿਨ੍ਹਾਂ ਨੇ ਉਸ ਤੋਂ ਕੋਈ ਸਵਾਲ ਪੁੱਛਿਆ ਸੀ, ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਅਕਾਲੀਆਂ ਵਿੱਚ ਨਿਰਾਸ਼ਾ ਦਾ ਪੱਧਰ ਐਨਾ ਵੱਧ ਚੁੱਕਿਆ ਹੈ ਕਿ ਉਹ ਜਨਤਾ ਨੂੰ ਕੋਈ ਸਪੱਸ਼ਟ ਜਵਾਬ ਦੇਣ ਨੂੰ ਤਿਆਰ ਨਹੀਂ ਹਨ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਇੱਕ ਮੀਟਿੰਗ ਵਿੱਚ ਜਦੋਂ ਭੂੰਦੜ ਵੱਲੋਂ ਗ੍ਰਾਂਟਾਂ ਦੇ ਚੈਕ ਵੰਡੇ ਜਾ ਰਹੇ ਸਨ, ਤਾਂ ਕੁੱਝ ਵਰਕਰਾਂ ਨੇ ਜਾਇਜ਼ ਤਨਖਾਹ ਦੀ ਮੰਗ ਕੀਤੀ ਤਾਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭੂੰਦੜ ਦੇ ਗੁੰਡਿਆਂ ਵੱਲੋਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਇਸ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇਗੀ।
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਰਤਨ ਘੋਟਾਲੇ ਦਾ ਜਿਕਰ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਇਸ ਘੋਟਾਲੇ ਨੂੰ ਦਬਾਉਣਾ ਚਾਹੁੰਦੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ 22,500 ਕਿੱਟਾਂ ਖਰੀਦਣ ਲਈ 90 ਕਰੋੜ ਰੁਪਏ ਦੇ ਟੈਂਡਰ ਨੂੰ ਸਿਰਫ ਇਸ ਲਈ ਰੱਦ ਕਰ ਦਿੱਤਾ ਗਿਆ, ਤਾਂਕਿ ਸੰਗਰੂਰ ਦੀ ਇੱਕ ਕੰਪਨੀ ਕੁਆਲੀਫਾਈ ਕਰ ਸਕੇ। ਕੰਪਨੀ ਵੱਲੋਂ 8000 ਰੁਪਏ ਪ੍ਰਤਿ ਕਿੱਟ ਦਾ ਰੇਟ ਕੋਟ ਕੀਤਾ ਗਿਆ, ਜੋ ਕਿ ਸੂਬਾ ਸਰਕਾਰ ਦੀ ਅਧਿਕਾਰਿਤ ਕਮੇਟੀ ਦੇ ਮੁਲਾਂਕਣ ਤੋਂ ਕਿਤੇ ਜ਼ਿਆਦਾ ਸੀ।
ਸ਼ੇਰਗਿੱਲ ਨੇ ਕਿਹਾ ਕਿ ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਖੁਦ ਮੰਨਿਆ ਹੈ ਕਿ ਟੈਂਡਰ ਰੱਦ ਕੀਤਾ ਗਿਆ ਹੈ। ਇੱਥੇ ਖਾਸ ਗੱਲ ਇਹ ਹੈ ਕਿ ਸੰਗਰੂਰ ਆਧਾਰਿਤ ਜਿਸ ‘ਮਿੱਤਲ ਟ੍ਰੇਡਰਸ’ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ, ਇਹ ਕੰਪਨੀ ਬਹੁਚਰਚਿਤ ਕਿਤਾਬ ਘੋਟਾਲੇ ਵਿੱਚ ਸ਼ਾਮਿਲ ਸੀ ਅਤੇ ਇਸ ਕਿਤਾਬ ਘੋਟਾਲੇ ਨੇ 2013 ਵਿੱਚ ਪੂਰੇ ਸੂਬੇ ਨੂੰ ਹਿਲਾ ਦਿੱਤਾ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ ਘੋਟਾਲੇ ਵਿੱਚ ਮਲੂਕਾ ਵੀ ਸ਼ਾਮਿਲ ਸੀ।
ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਇਹ ਕੇਸ ਮੁੜ ਖੋਲ੍ਹਿਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਉਤੇ ਘੋਟਾਲਾ ਮਾਹਿਰ ਮਲੂਕਾ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਹੋਰ ਚੰਗੀ ਤਰ੍ਹਾਂ ਸਮਝਣ ਲਈ ਪੜ੍ਹੋ:
ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:
ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।
ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:
ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।
ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।
ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।
ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।
ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।
ਸਬੰਧਤ ਵੀਡੀਓ:
Related Topics: Aam Aadmi Party, Congress Government in Punjab 2017-2022, Himmat SIngh Shergill, Punjab Elections 2017 (ਪੰਜਾਬ ਚੋਣਾਂ 2017), Punjab Politics, Punjab River Wate, Punjab Water Issue, SYL