February 10, 2020 | By ਸਿੱਖ ਸਿਆਸਤ ਬਿਊਰੋ
ਸਾਕਾ ਨਕੋਦਰ ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ।
ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹਿਏ ਸਿੱਖ ਨੌਜਵਾਨਾਂ- ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸੰਸਕਾਰ ਕਰ ਦਿੱਤਾ ਸੀ।
ਇਨ੍ਹਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੇ ਅੱਜ ਵੀ ਇਨ੍ਹਾਂ ਸ਼ਹੀਦ ਸਿੰਘਾਂ ਅਤੇ ਇਸ ਸਾਕੇ ਦੀ ਯਾਦ ਨੂੰ ਸੰਭਾਲਿਆ ਹੋਇਆ ਹੈ ਅਤੇ ਉਨ੍ਹਾਂ ਕੋਲ ਦੋਸ਼ੀਆਂ ਨੂੰ ਇਨਸਾਫ ਦੇ ਕਟਿਹਰੇ ਵਿਣ ਖੜ੍ਹਾ ਕਰਨ ਲਈ ਸੰਘਰਸ਼ ਕਰਨ ਵਾਸਤੇ ਲੋੜੀਂਦਾ ਸਿਰੜ ਵੀ ਹੈ।
ਭਾਵੇਂ ਕਿ ਸਾਢੇ ਤਿੰਨ ਦਹਾਕੇ ਦੇ ਅਰਸੇ ਦੌਰਾਨ ਤਿੰਨ ਸ਼ਹੀਦ ਸਿੰਘਾਂ ਦੇ ਮਾਤਾ ਪਿਤਾ ਜਹਾਨ ਤੋਂ ਚਲਾਣਾ ਕਰ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਪਿੱਛੇ ਬਚੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ-ਪਿਤਾ ਹਰ ਸਾਲ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਹ ਇਸ ਸਾਕੇ ਦੇ ਦੋਸ਼ੀ ਪੁਲਿਸ ਵਾਲਿਆਂ ਅਤੇ ਅਫਸਰਾਂ ਜਿਨ੍ਹਾਂ ਵਿਚ ਇਜਹਾਰ ਆਲਮ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਂ ਸ਼ੁਮਾਰ ਹਨ, ਨੂੰ ਕਟਹਿਰੇ ਵਿਚ ਖੜ੍ਹੇ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਆਸੀ ਸਰਪ੍ਰਸਤੀ ਕਰਦਾ ਰਿਹਾ ਹੈ ਅਤੇ ਅੱਜ ਵੀ ਕਰ ਰਿਹਾ ਹੈ।
ਲੰਘੀ 4 ਫਰਵਰੀ ਨੂੰ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਨੇ ਸ਼ਹੀਦ ਭਾਈ ਝਲਮਨ ਸਿੰਘ ਦੀ ਭੈਣ ਰਾਜਵਿੰਦਰ ਕੌਰ ਅਤੇ ਸ਼ਹੀਦ ਭਾਈ ਬਲਧੀਰ ਸਿੰਘ ਦੀ ਭੈਣ ਕਮਲਜੀਤ ਕੌਰ ਨੂੰ ਨਾਲ ਲੈ ਕੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਮਿਲਣੀ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਮੁਖਾਤਿਬ ਹੁੰਦਿਆਂ ਬਾਪੂ ਬਲਦੇਵ ਸਿੰਘ ਨੇ ਆਪਣੇ 34 ਸਾਲਾਂ ਦੇ ਸੰਘਰਸ਼ ਨੂੰ ਬਿਆਨ ਕੀਤਾ ਅਤੇ ਕਿਹਾ ਕਿ ਉਹ ਹੋਰ ਕੁਝ ਨਹੀਂ ਚਾਹੁੰਦੇ ਸਿਰਫ ਇਹ ਚਾਹੁੰਦੇ ਹਨ ਕਿ ਸਾਕਾ ਨਕੋਦਰ ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੇ ਪੂਰੇ ਜਾਂਚ ਲੇਖੇ ਨੂੰ ਜਨਤਕ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜਾਵਾਂ ਦਿੱਤੀਆਂ ਜਾਣ।
ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨਾਲ ਇਸ ਪੱਤਰਕਾਰ ਮਿਲਣੀ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ (ਸਰਪ੍ਰਸਤ, ਖਾਲੜਾ ਮਿਸ਼ਨ ਕਮੇਟੀ), ਮਨੁੱਖੀ ਹੱਕਾਂ ਦੇ ਅਣਥੱਕ ਕਾਰਕੁੰਨ ਬੈਰਿਸਟਰ ਸਤਨਾਮ ਸਿੰਘ ਬੈਂਸ, ਲੇਖਕ ਅਤੇ ਸੰਪਾਦਕ ਸਰਦਾਰ ਗੁਰਬਚਨ ਸਿੰਘ, ਸਰਦਾਰ ਪਰਮਜੀਤ ਸਿੰਘ ਮੰਡ (ਮੁਖੀ, ਸਿੱਖ ਯੂਥ ਆਫ ਪੰਜਾਬ), ਸਰਦਾਰ ਸੁਖਦੇਵ ਸਿੰਘ ਫਗਵਾੜਾ (ਅਲਾਇੰਸ ਫਾਰ ਸਿੱਖ ਆਰਗੇਨਾਈਜ਼ੇਸ਼ਨਜ਼) ਅਤੇ ਸਰਦਾਰ ਪਰਮਜੀਤ ਸਿੰਘ (ਸੰਪਾਦਕ, ਸਿੱਖ ਸਿਆਸਤ) ਵੀ ਹਾਜ਼ਰ ਸਨ।
ਇੱਥੇ ਅਸੀਂ 4 ਫਰਵਰੀ 2020 ਦੀ ਇਸ ਪੱਤਰਕਾਰ ਮਿਲਣੀ ਦੀ ਸਾਰੀ ਕਾਰਵਾਈ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਸਾਂਝੀ ਕਰ ਰਹੇ ਹਾਂ।
Related Topics: Alliance For Sikh Organisations, Bapu Baldev Singh, Bibi Paramjeet Kaur Khalra, Parmjeet Singh Gazi, Saka Nakodar, Saka Nakodar 1986, Sikh Youth of Punjab