ਸ੍ਰੀ ਅੰਮ੍ਰਿਤਸਰ: ਅੱਜ ਮਿਤੀ 13 ਮਾਰਚ 2020 ਨੂੰ ਬਾਪੂ ਬਲਦੇਵ ਸਿੰਘ ਜੀ ਪਿਤਾ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ ਵਲੋਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਦੀ ਸਕੱਤਰੇਤ ਵਿਖੇ ਮਿਲਕੇ ਸਾਕਾ ਨਕੋਦਰ ਦੇ ਇਨਸਾਫ ਲਈ ਯਾਦ ਪੱਤਰ ਦਿੱਤਾ। ਬਾਪੂ ਬਲਦੇਵ ਸਿੰਘ ਨੇ ਸਾਕਾ ਨਕੋਦਰ ਸੰਬੰਧੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਦੀ ਰਿਪੋਰਟ ਦਾ ਪਹਿਲਾ ਭਾਗ ਅਤੇ ਮਨੁੱਖੀ ਅਧਿਕਾਰ ਸਭਾ (ਪੰਜਾਬ) ਵੱਲੋਂ ਕੀਤੀ ਜਾਂਚ ਦੀ ਰਿਪੋਰਟ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ।
ਬਾਪੂ ਬਲਦੇਵ ਸਿੰਘ ਨੇ ਸ. ਗੁਰਚਰਨ ਸਿੰਘ ਟੌਹੜਾ ਵਲੋਂ ਤਤਕਾਲੀ ਮੀਤ ਪ੍ਰਧਾਨ ਕਾਬਲ ਸਿੰਘ ਅਤੇ ਸ. ਕੁਲਦੀਪ ਸਿੰਘ ਵਡਾਲਾ ਦੀ ਅਗਵਾਈ ਵਿਚ ਬਣਾਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਿਕ ਜਾਂਚ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀਆਂ 1986 ਦੇ ਅਖਬਾਰਾਂ ਦੀਆਂ ਰਿਪੋਰਟਾਂ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀਆਂ ਅਤੇ ਮੰਗ ਕੀਤੀ ਕਿ ਸ਼੍ਰੋ.ਗੁ.ਪ੍ਰ.ਕ. ਦੇ ਰਿਕਾਰਡ ਖੰਗਾਲਕੇ ਪਰਿਵਾਰਾਂ ਨੂੰ ਉਸ ਰਿਪੋਰਟ ਦੀ ਕਾਪੀ ਦਿੱਤੀ ਜਾਵੇ।
ਬਾਪੂ ਬਲਦੇਵ ਸਿੰਘ ਜੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਪ੍ਰਭਾਵ ਵਰਤੇ।
ਗਿਆਨੀ ਹਰਪ੍ਰੀਤ ਸਿੰਘ ਨੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਤਿੰਨੇ ਰਿਪੋਰਟਾਂ ਨੂੰ ਚੰਗੀ ਤਰ੍ਹਾਂ ਪੜਣਗੇ ਅਤੇ ਪੰਜੇ ਸਿੰਘ ਸਾਹਿਬਾਨ ਨਾਲ ਮਿਲਕੇ ਸਾਕਾ ਨਕੋਦਰ ਦੇ ਇਨਸਾਫ ਲਈ ਕਾਰਵਾਈ ਦਾ ਐਲਾਨ ਕਰਨਗੇ।
ਇਹ ਵੀ ਵਰਨਣਯੋਗ ਹੈ ਕਿ ਸਾਕਾ ਨਕੋਦਰ ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ।
ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ- ਭਾਈ ਰਵਿੰਦਰ ਸਿੰਘ , ਭਾਈ ਬਲਧੀਰ ਸਿੰਘ, ਭਾਈ ਝਲਮਣ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸੰਸਕਾਰ ਕਰ ਦਿੱਤਾ ਸੀ।
ਇਨ੍ਹਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੇ ਅੱਜ ਵੀ ਇਨ੍ਹਾਂ ਸ਼ਹੀਦ ਸਿੰਘਾਂ ਅਤੇ ਇਸ ਸਾਕੇ ਦੀ ਯਾਦ ਨੂੰ ਸੰਭਾਲਿਆ ਹੋਇਆ ਹੈ ਅਤੇ ਉਨ੍ਹਾਂ ਕੋਲ ਦੋਸ਼ੀਆਂ ਨੂੰ ਇਨਸਾਫ ਦੇ ਕਟਿਹਰੇ ਵਿਣ ਖੜਾ ਕਰਨ ਲਈ ਸੰਘਰਸ਼ ਕਰਨ ਵਾਸਤੇ ਲੋੜੀਂਦਾ ਸਿਰੜ ਵੀ ਹੈ।
ਭਾਵੇਂ ਕਿ ਸਾਢੇ ਤਿੰਨ ਦਹਾਕੇ ਦੇ ਅਰਸੇ ਦੌਰਾਨ ਤਿੰਨ ਸ਼ਹੀਦ ਸਿੰਘਾਂ ਦੇ ਮਾਤਾ ਪਿਤਾ ਜਹਾਨ ਤੋਂ ਚਲਾਣਾ ਕਰ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਪਿੱਛੇ ਬਚੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ ਪਿਤਾ ਹਰ ਸਾਲ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਹ ਇਸ ਸਾਕੇ ਦੇ ਦੋਸ਼ੀ ਪੁਲਿਸ ਵਾਲਿਆਂ ਅਤੇ ਅਫਸਰਾਂ ਜਿਨ੍ਹਾਂ ਵਿਚ ਇਜਹਾਰ ਆਲਮ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਂ ਸ਼ੁਮਾਰ ਹਨ, ਨੂੰ ਕਟਹਿਰੇ ਵਿਚ ਖੜੇ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਆਸੀ ਸਰਪ੍ਰਸਤੀ ਕਰਦਾ ਰਿਹਾ ਹੈ ਅਤੇ ਅੱਜ ਵੀ ਕਰ ਰਿਹਾ ਹੈ।
ਸਾਕਾ ਨਕੋਦਰ 1986: ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੇ ਗਏ ਯਾਦ ਪੱਤਰ ਦੀ ਨਕਲ