Site icon Sikh Siyasat News

ਮਨੁੱਖੀ ਹੱਕਾਂ ਦੇ ਦਿਹਾੜੇ ਤੇ ਸੈਮੀਨਾਰ 10 ਦਸੰਬਰ ਨੂੰ ਹੋਵੇਗਾ: ਪੰਚ ਪ੍ਰਧਾਨੀ

ਲੁਧਿਆਣਾ (4 ਦਸੰਬਰ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ 10 ਦਸੰਬਰ ਨੂੰ ਸੰਸਾਰ ਮਨੁੱਖੀ ਹੱਕ ਦਿਹਾੜੇ ਉੱਤੇ “ਪੰਜਾਬ ਵਿੱਚ ਜਮਹੂਰੀਅਤ ਅਤੇ ਮਨੁੱਖੀ ਹੱਕ” ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿੱਚ ਮਨੁੱਖੀ ਹੱਕਾਂ ਦੇ ਕਾਰਕੁੰਨ, ਵਕੀਲਾਂ ਅਤੇ ਵਿਦਵਾਨਾਂ ਤੋਂ ਇਲਾਵਾ ਸਿਆਸੀ ਸਖਸ਼ੀਅਤਾਂ ਵੱਲੋਂ ਵੀ ਸ਼ਿਰਕਤ ਕੀਤੀ ਜਾਵੇਗੀ। ਉਕਤ ਜਾਣਕਾਰੀ ਪੰਚ ਪ੍ਰਧਾਨੀ ਦੇ ਕੌਮੀ ਆਗੂਆਂ ਭਾਈ ਹਰਪਾਲ ਸਿੰਘ ਚੀਮਾ (ਸਕੱਤਰ ਜਨਰਲ), ਜਸਵੀਰ ਸਿੰਘ ਖੰਡੂਰ ਅਤੇ ਅਮਰੀਕ ਸਿੰਘ ਈਸੜੂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸਿਆਸੀ ਸ਼ਹਿ ਨਾਲ ਮਨੁੱਖੀ ਹੱਕਾਂ ਦੀ ਉਲੰਘਣਾ ਯੋਜਨਾਬੱਧ ਤਰੀਕੇ ਨਾਲ ਵੱਡੀ ਪੱਧਰ ਉੱਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਵਿੱਚ ਸਿਆਸੀ ਵਿਰੋਧੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮਨੁੱਖੀ ਹੱਕਾਂ ਬਾਰੇ ਇਹ ਸੈਮੀਨਾਰ 10 ਦਸੰਬਰ ਨੂੰ ਲੁਧਿਆਣਾ ਸਥਿੱਤ ਪੰਜਾਬੀ ਭਵਨ (ਨੇੜੇ ਜਿਲ੍ਹਾ ਕਚਹਿਰੀਆਂ) ਵਿਖੇ ਕਰਵਾਇਆ ਕੀਤਾ ਜਾਵੇਗਾ, ਜਿਸ ਵਿਚ ਸਾਬਕਾ ਜੱਜ ਅਜੀਤ ਸਿੰਘ ਬੈਂਸ, ਮਨੁੱਖੀ ਹੱਕਾਂ ਦੇ ਕਾਰਕੁੰਨ ਐਡਵੋਕੇਟ ਨਵਕਿਰਨ ਸਿੰਘ, ਐਡਵੋਕੇਟ ਰਾਜਵਿੰਦਰ ਬੈਂਸ, ਐਡਵੋਕੇਟ ਕੁਲਦੀਪ ਸਿੰਘ ਗਰੇਵਾਲ, ਡੀ. ਐਸ. ਗਿੱਲ, ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਅਤੇ ਹੋਰ ਸਖਸ਼ੀਅਤਾਂ ਆਪਣੇ ਵਿਚਾਰ ਸਾਂਝੇ ਕਰਨਗੀਆਂ।

ਪੰਚ ਪ੍ਰਧਾਨੀ ਦੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਪੁਲਿਸ ਪ੍ਰਸ਼ਾਸਨ ਦੀ ਸਿਆਸੀ ਹਿੱਤਾਂ ਲਈ ਦੁਰ-ਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦਲ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਖਿਲਾਫ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਈ ਦਲਜੀਤ ਸਿੰਘ ਖਿਲਾਫ ਮਾਨਸਾ ਵਿਖੇ ਚੱਲ ਰਹੇ ਕੇਸ ਵਿੱਚ ਮੁੱਦਈ ਧਿਰ ਵੱਲੋਂ ਅਦਾਲਤ ਵਿੱਚ ਗਵਾਹੀ ਦਿੱਤੀ ਜਾ ਚੁੱਕੀ ਹੈ ਕਿ ਇਸ ਕੇਸ ਨਾਲ ਭਾਈ ਬਿੱਟੂ ਦਾ ਕੋਈ ਸੰਬੰਧ ਨਹੀਂ ਹੈ ਪਰ ਫਿਰ ਵੀ ਪੁਲਿਸ ਵੱਲੋਂ ਗਵਾਹਾਂ ਉੱਤੇ ਭਾਈ ਬਿੱਟੂ ਖਿਲਾਫ ਝੂਠੀ ਗਵਾਹੀ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੇਸ ਲਮਕਾਉਣ ਦੀ ਮਨਸ਼ਾ ਨਾਲ ਕਥਿਤ ਦੋਸ਼ੀਆਂ ਨੂੰ ਇਕੱਠੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾਂਦਾ ਜਿਸ ਕਾਰਨ ਮੁਕਦਮਾ ਲਮਕ ਰਿਹਾ ਹੈ। ਉਨਹਾਂ ਦਾਅਵਾ ਕੀਤਾ ਕਿ ਅਜਿਹਾ ਕਰਕੇ ਸਰਕਾਰ ਵੱਲੋਂ ਪੁਲਿਸ ਰਾਹੀਂ ਕਾਨੂੰਨੀ ਕਾਰਵਾਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਿੱਚ “ਨਿਰਪੱਖ ਤਰੀਕੇ ਨਾਲ ਤੇ ਸਮੇਂ ਸਿਰ ਮੁਕਦਮਾ ਮੁਕਾਉਣ” ਦੇ ਬੁਨਿਆਦੀ ਮਨੁੱਖੀ ਹੱਕ ਦੀ ਉਲੰਘਣਾ ਹੋ ਰਹੀ ਹੈ।

ਆਗੂਆਂ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਭਾਈ ਦਲਜੀਤ ਸਿੰਘ ਦੇ ਕੇਸਾਂ ਦੇ ਹਵਾਲੇ ਨਾਲ ਇਹ ਗੱਲ ਸਪਸ਼ਟ ਕੀਤੀ ਜਾਵੇਗੀ ਕਿ ਪੰਜਾਬ ਵਿੱਚ ਕਿੰਝ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਮਨੁੱਖੀ ਹੱਕਾਂ ਦੇ ਸਤਿਕਾਰ ਦੇ ਮੁਦੱਈਆਂ ਨੂੰ ਇਸ ਸੈਮੀਨਾਰ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version