ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਪ੍ਰਧਾਨ ਬਣਾਇਆ ਗਿਆ ਹੈ ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ। ਕਾਂਗਰਸ ਹਾਈ ਕਮਾਂਡ ਨੇ ਇਸ ਨਿਯੁਕਤੀ ਨਾਲ ਸੂਬੇ ਵਿੱਚ ਸਮਾਜਿਕ ਸੰਤੁਲਨ ਕਾਇਮ ਕਰਨ ਦਾ ਯਤਨ ਕੀਤਾ ਹੈ। ਭਾਵੇਂ ਸੂਬੇ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਹੈ ਪਰ ਉਨ੍ਹਾਂ ਨੂੰ ਢੇਰ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਵਾਂ ਪੰਜਾਬ ਪ੍ਰਧਾਨ ਥਾਪਣ ਬਾਰੇ ਕਿਆਸ ਲੱਗੇ ਸ਼ੁਰੂ ਹੋ ਗਏ ਸੀ। ਮੀਡੀਆ ਰਿਪੋਰਟਾਂ ਮੁਤਾਬਕ ਰਾਹੁਲ ਗਾਂਧੀ ਨੂੰ ਨਵੀਂ ਦਿੱਲੀ ਵਿੱਚ ਮਿਲ ਕੇ ਕੈਪਟਨ ਅਮਰਿੰਦਰ ਨੇ ਜਾਖੜ ਨੂੰ ਪ੍ਰਧਾਨ ਬਣਾਉਣ ਦੀ ਸਿਫਾਰਸ਼ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਕੁੱਝ ਕਾਂਗਰਸ ਆਗੂ ਚਾਹੁੰਦੇ ਸਨ ਕਿ ਪ੍ਰਧਾਨਗੀ ਦੇ ਮਸਲੇ ਨੂੰ ਇੱਕ ਸਾਲ ਲਈ ਟਾਲ ਦਿਤਾ ਜਾਵੇ ਕਿਉਂਕਿ ਉਨ੍ਹਾਂ ਸੱਤਾ ਦਾ ਸਮਾਨਅੰਤਰ ਕੇਂਦਰ ਬਣਨ ਦਾ ਖਦਸ਼ਾ ਜ਼ਾਹਿਰ ਕੀਤਾ ਸੀ।
ਜਾਖੜ ਦੇ ਪਿਤਾ ਬਲਰਾਮ ਜਾਖੜ ਕਾਂਗਰਸ ਸਰਕਾਰਾਂ ਵਿੱਚ ਉੱਚ ਅਹੁਦਿਆਂ ’ਤੇ ਰਹੇ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਭਤੀਜੇ ਅਜੇਵੀਰ ਜਾਖੜ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਦਾ ਚੇਅਰਮੈਨ ਲਾਇਆ ਗਿਆ ਸੀ। ਜਾਖੜ ਇਸ ਵਾਰ ਅਬੋਹਰ ਤੋਂ ਵਿਧਾਨ ਸਭਾ ਦੀ ਚੋਣ ਹਾਰ ਗਏ ਸਨ। ਜੇਕਰ ਉਹ ਚੋਣ ਜਿੱਤ ਜਾਂਦੇ ਤਾਂ ਉਨ੍ਹਾਂ ਨੇ ਕੈਪਟਨ ਵਜ਼ਾਰਤ ਦੇ ਸੀਨੀਅਰ ਮੰਤਰੀਆਂ ਵਿੱਚ ਸ਼ੁਮਾਰ ਹੋਣਾ ਸੀ। ਪਿਛਲੀ ਪੰਜਾਬ ਵਿਧਾਨ ਸਭਾ ਵਿੱਚ ਉਹ ਕੁੱਝ ਸਮਾਂ ਕਾਂਗਰਸ ਵਿਧਾਇਕ ਦਲ ਅਤੇ ਵਿਰੋਧੀ ਧਿਰ ਦੇ ਆਗੂ ਵੀ ਰਹੇ ਸਨ। ਭਾਵੇਂ ਕਿ ਪ੍ਰਧਾਨਗੀ ਦੀ ਦੌੜ ਵਿੱਚ ਸੂਬੇ ਦੇ ਕੁੱਝ ਹੋਰ ਆਗੂ ਵੀ ਸ਼ਾਮਲ ਸਨ ਪਰ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਬਣਾਏ ਜਾਣ ਨਾਲ ਉਨ੍ਹਾਂ ਦਾ ਰਾਹ ਪੱਧਰਾ ਹੋ ਗਿਆ ਸੀ।
ਸਬੰਧਤ ਖ਼ਬਰ: ਰਾਜਨੀਤਕ ਵਿਅਕਤੀ ਨੂੰ ਕਿਸਾਨ ਕਮਿਸ਼ਨ ਦਾ ਮੁੱਖੀ ਬਣਾਏ ਜਾਣ ‘ਤੇ ਫੂਲਕਾ ਵਲੋਂ ਇਤਰਾਜ਼ …