May 15, 2018 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿਤਸਰ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ।
ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 7 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਨੂੰ 10 ਦਿਨਾਂ ‘ਚ ਕਿਤਾਬ ਵਾਪਸ ਲੈਣ ਦਾ ਸਮਾਂ ਦਿੱਤਾ ਗਿਆ ਸੀ ਅਤੇ ਕਿਤਾਬ ਵਾਪਸ ਨਾ ਲੈਣ ਦੀ ਸੂਰਤ ਵਿਚ 19 ਮਈ ਨੂੰ ਸਮੂਹ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾਉਣ ਦਾ ਐਲਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਵਿਵਾਦਤ ਕਿਤਾਬ ‘ਤੇ ਰੋਕ ਲਗਾਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ 19 ਮਈ ਨੂੰ ਹੋਣ ਵਾਲਾ ਪੰਥਕ ਇਕੱਠ ਵੀ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਤਾਬ ਨੂੰ ਲੈ ਕੇ ਸਿੱਖ ਜਗਤ ਅੰਦਰ ਭਾਰੀ ਰੋਸ ਦੀ ਭਾਵਨਾ ਸੀ ਅਤੇ ਸਿੱਖ ਕੌਮ ਵੱਲੋਂ ਕੀਤੇ ਸਮੂਹਿਕ ਜਤਨਾਂ ਤੋਂ ਬਾਅਦ ਪੰਜਾਬ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਿਆ ਹੈ।
Related Topics: Distortion of Sikh History in PSEB Class 12 Books, Punjab Government, Shiromani Gurdwara Parbandhak Committee (SGPC)