ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ‘ਤੇ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਭੇਜੇ ਗਏ ਇਸ ਵਫਦ ਦੇ ਮੈਂਬਰਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ ਅਤੇ ਵਧੀਕ ਸਕੱਤਰ ਸ. ਬਿਜੈ ਸਿੰਘ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬੀਤੇ ਕੱਲ੍ਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜਿਥੇ ਇਸ ਘਟਨਾ ਸਬੰਧੀ ਨਿੰਦਾ ਮਤਾ ਲਿਆਂਦਾ ਸੀ, ਉਥੇ ਹੀ ਸਥਾਨਕ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਭੇਜਣ ਦਾ ਵੀ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਭੇਜੇ ਗਏ ਵਫਦ ਨੂੰ ਭਾਈ ਲੌਂਗੋਵਾਲ ਨੇ ਉਥੋਂ ਦੇ ਸਿੱਖਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਲੋਂੜੀਦੀ ਮਦਦ ਦੇਣ ਦੇ ਨਾਲ-ਨਾਲ ਮੇਘਾਲਿਆ ਦੇ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਵੀ ਗੱਲਬਾਤ ਕਰਨ ਲਈ ਕਿਹਾ ਹੈ ਤਾਂ ਜੋ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਸਬੰਧੀ ਆਪਣਾ ਦਖਲ ਦੇਣ ਦੀ ਮੰਗ ਕੀਤੀ ਹੈ, ਕਿਉਂਕਿ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਆਜਾਦੀ ਲਈ ਅੱਸੀ ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਦੇਸ਼ ਅੰਦਰ ਦਬਾਉਣ ਦੇ ਕੋਝੇ ਯਤਨ ਹੋ ਰਹੇ ਹਨ। ਸਰਕਾਰਾਂ ਨੂੰ ਅਜਿਹੇ ਹਿੰਸਕ ਲੋਕਾਂ ਨੂੰ ਨੱਥ ਪਾਉਣੀ ਚਾਹੀਦੀ ਹੈ ਤਾਂ ਜੋ ਦੇਸ਼ ਵਿਚ ਸਦਭਾਵਨਾ ਬਣੀ ਰਹੇ। ਬੁਲਾਰੇ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਵਫਦ ੫ ਜੂਨ ਦੀ ਸ਼ਾਮ ਨੂੰ ਵਾਪਸ ਪਰਤੇਗਾ ਅਤੇ ੬ ਜੂਨ ਨੂੰ ਆਪਣੀ ਰਿਪੋਰਟ ਭਾਈ ਲੌਂਗੋਵਾਲ ਦੇ ਸਪੁਰਦ ਕਰੇਗਾ।