ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਸਦਨ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦਿਆਂ ਸਮੇਤ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਹਨ, ਜੋ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਸਿੱਖ ਡਿਪਟੀ ਕਮਿਸ਼ਨਰ ਵਜੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਕਰਨਗੇ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਛੁੱਟੀ ’ਤੇ ਚਲੇ ਗਏ ਹਨ।
ਜ਼ਿਕਰਯੋਗ ਹੈ ਕਿ 18 ਸਤੰਬਰ 2011 ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਤੇ ਸੰਤ ਸਮਾਜ ਨੂੰ 170 ’ਚੋਂ 157 ਸੀਟਾਂ ’ਤੇ ਜਿੱਤ ਹਾਸਲ ਹੋਈ ਸੀ। ਦਸੰਬਰ, 2011 ਵਿੱਚ 15 ਮੈਂਬਰ ਨਾਮਜ਼ਦ ਕੀਤੇ ਗਏ ਸਨ ਪਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਇਸ ਸਦਨ ਦੀ ਅਗਲੀ ਕਾਰਵਾਈ ’ਤੇ ਰੋਕ ਲੱਗ ਗਈ ਸੀ। ਮਗਰੋਂ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਸੀ ਅਤੇ 15 ਸਤੰਬਰ, 2016 ਨੂੰ ਸੁਪਰੀਮ ਕੋਰਟ ਨੇ ਸਤੰਬਰ, 2011 ਵਿੱਚ ਹੋਈਆਂ ਚੋਣਾਂ ਨੂੰ ਜਾਇਜ਼ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦਾ ਨਵਾਂ ਸਦਨ ਗਠਨ ਕਰਨ ਨੂੰ ਹਰੀ ਝੰਡੀ ਦਿੱਤੀ ਹੈ।
ਕੱਲ੍ਹ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੀਤੀ। ਮੀਟਿੰਗ ’ਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸੌਂ ਤੋਂ ਵੱਧ ਮੈਂਬਰ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਮੀਦਵਾਰ ਚੁਣਨ ਦੇ ਸਮੁੱਚੇ ਅਧਿਕਾਰ ਦਿੱਤੇ ਜਾਣ ਪਿੱਛੋਂ ਸੁਖਬੀਰ ਬਾਦਲ ਨੇ ਮੈਂਬਰਾਂ ਦਾ ਧੰਨਵਾਦ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਮੁੜ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ਸਬੰਧੀ ਸਵਾਲ ’ਤੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਉਹ ਸਿਰ ਮੱਥੇ ਪ੍ਰਵਾਨ ਕਰਨਗੇ। ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਸਵਾ ਬਾਰਾਂ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼ੁਰੂ ਹੋਵੇਗਾ। ਪ੍ਰਧਾਨ ਦੀ ਚੋਣ ਮਗਰੋਂ ਸਦਨ ਦੀ ਅਗਲੀ ਕਾਰਵਾਈ ਨਵੇਂ ਚੁਣੇ ਪ੍ਰਧਾਨ ਵੱਲੋਂ ਚਲਾਈ ਜਾਵੇਗੀ।