ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਦਿੰਦੇੇ ਹੋਏ।

ਵੀਡੀਓ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਦਿੱਤੀ

By ਸਿੱਖ ਸਿਆਸਤ ਬਿਊਰੋ

August 24, 2018

ਚੰਡੀਗੜ੍ਹ/ਅੰਮ੍ਰਿਤਸਰ:  ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ ’ਤੇ ਪ੍ਰਚਾਰ ਕਰਨ ਵਾਲੇ ਗੁਰਪੁਰਵਾਸੀ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ।ਇਹ ਸਨਮਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਅਮੀਰ ਸਿੰਘ ਨੇ ਹਾਸਿਲ ਕੀਤਾ।ਇਸੇ ਤਰ੍ਹਾਂ ਇੱਕ ਹੋਰ ਸਮਾਗਮ ਦੌਰਾਨ ਸਿੱਖ ਇਨਸਾਈਕਲੋਪੀਡੀਆ ਤਿਆਰ ਕਰਨ ਅਤੇ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਨਾਉਣ ਵਾਲੇ ਡਾ:ਰਘਬੀਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸੁਸ਼ੋਭਿਤ ਕੀਤੀ ਗਈ।

ਬਾਬਾ ਸੱੁਚਾ ਸਿੰਘ ਜਵੱਦੀ ਨੂੰ ਸਨਮਾਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਇਹ ਸਨਮਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਅਮੀਰ ਸਿੰਘ ਨੂੰ ਦਿੱਤਾ। ਸਨਮਾਨ ’ਚ ਸਿਰੋਪਾਓ, ਲੋਈ, ਸ੍ਰੀ ਸਾਹਿਬ ਅਤੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਤਸ਼ਤਰੀ ਸ਼ਾਮਲ ਹੈ।

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਇਸੇ ਤਰ੍ਹਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕਰਵਾਏ ਗਏ ਇੱਕ ਵੱਖਰੇ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਦੇ ਕੀਤੇ ਜਾ ਰਹੇ ਨਵੀਨੀਕਰਨ ਤਹਿਤ ਇਥੇ ਮਲਟੀਮੀਡੀਆ ਸਿੱਖ ਮਿਊਜੀਅਮ ਦਾ ਵੀ ਪ੍ਰਬੰਧ ਕੀਤਾ ਜਾਵੇਗਾ।ਡਾ. ਬੈਂਸ ਦੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਪਿੰਡ ਮਾਣਕ ਢੇਰੀ ਵਿਖੇ ਇਕ ਧਾਰਮਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ।ਡਾ. ਬੈਂਸ ਦੇ ਸਪੁੱਤਰ ਸ. ਹਰਜੋਤ ਸਿੰਘ ਬੈਂਸ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਭਾਈ ਲੌਂਗੋਵਾਲ ਅਤੇ ਸਿੰਘ ਸਾਹਿਬਾਨ ਨੇ ਸਨਮਾਨਿਤ ਕੀਤਾ।

ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਰਣਜੀਤ ਕੌਰ ਮਾਹਿਲਪੁਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਡਾ. ਬੈਂਸ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਹਰਜੋਤ ਸਿੰਘ ਬੈਂਸ (ਸਪੁੱਤਰ), ਬੀਬੀ ਸੁਖਵਿੰਦਰ ਕੌਰ ਬੈਂਸ (ਨੂੰਹ), ਕਾਕਾ ਬਿਕਰਮਜੀਤ ਸਿੰਘ ਬੈਂਸ (ਪੋਤਰਾ), ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਰਣਜੀਤ ਕੌਰ ਮਾਹਿਲਪੁਰ, ਭਾਈ ਪਿੰਦਰਪਾਲ ਸਿੰਘ, ਗਿਆਨੀ ਕੁਲਵੰਤ ਸਿੰਘ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਕੁਲਦੀਪ ਸਿੰਘ ਦਬੜੀਖਾਨਾ, ਡਾ. ਜੋਧ ਸਿੰਘ, ਡਾ. ਜਸਬੀਰ ਕੌਰ, ਡਾ. ਕੰਵਲਜੀਤ ਸਿੰਘ ਤੇ ਡਾ. ਹਿੰਮਤ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ.ਜਸਬੀਰ ਸਿੰਘ ਸਾਬਰ , ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੁਲਾਜਮ ਤੇ ਸੰਗਤਾਂ ਹਾਜਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: