ਭਾਈ ਬਲਦੇਵ ਸਿੰਘ ਵਡਾਲਾ

ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਨੇ ਬਗਾਵਤ ਦਾ ਝੰਡਾ ਚੁੱਕਣ ਵਾਲੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਕੀਤਾ ਮੁਅੱਤਲ

By ਸਿੱਖ ਸਿਆਸਤ ਬਿਊਰੋ

March 24, 2016

ਸ੍ਰੀ ਅਨੰਦਪੁਰ ਸਾਹਿਬ (23 ਮਾਰਚ, 2016): ਸ਼੍ਰੋਮਣੀ ਕਮੇਟੀ ਵਿੱਰੁਧ ਬਗਾਵਤ ਦਾ ਬਿਗਲ ਵਜਾਉਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ’ਤੇ ਦੋਸ਼ਾਂ ਦੀ ਝੜੀ ਲਾਉਂਦਿਆਂ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਉਹ ਸਿੱਖ ਵਿਰੋਧੀ ਸ਼ਕਤੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ, ਜੋ ਬਹੁਤ ਅਫਸੋਸ ਵਾਲੀ ਗੱਲ ਹੈ।

ਅੱਜ ਤਖਤ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਭਾਈ ਵਡਾਲਾ ਅੱਜ ਸ਼੍ਰੋਮਣੀ ਕਮੇਟੀ ਖ਼ਿਲਾਫ਼ ਬੋਲਦੇ ਹਨ ਪਰ ਉਨ੍ਹਾਂ ਨੇ ਖੁਦ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿੱਚ ਰਹਿੰਦਿਆਂ ਕੀਰਤਨ ਕਰਨ ਦੀ ਵੱਡੀ ਭੇਟਾ ਲੈ ਕੇ ਖੁਦ ਸੰਗਤ ਨੂੰ ਲੁੱਟਿਆ ਹੈ। ਉਨ੍ਹਾਂ ਭਾਈ ਵਡਾਲਾ ਨੂੰ ਆਪਣੇ ਅੰਦਰ ਝਾਤ ਮਾਰਨ ਲਈ ਕਿਹਾ।

ਦੱਸਣਯੋਗ ਹੈ ਕਿ ਭਾਈ ਵਡਾਲਾ ਨੇ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਨਫਰੰਸ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ’ਤੇ ਕਾਬਜਾਂ ਨੂੰ ‘ਨਰੈਣੂ ਦੇ ਵਾਰਸ’ ਕਿਹਾ ਸੀ।

ਜਥੇਦਾਰ ਮੱਕੜ ਨੇ ਦੱਸਿਆ ਕਿ ਭਾਈ ਵਡਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਹੁਣ ਚਾਰਜਸ਼ੀਟ ਜਾਰੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਮੱਕੜ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪੰਥ ਦੀ ਗੱਲ ਕਰਨ ਵਾਲੇ ਚੰਗੇ ਨਹੀਂ ਲੱਗਦੇ। ਜਿਹੜੇ ਲੋਕ ਗੁਰੂ ਘਰਾਂ ਵਿੱਚ ਪੈਸੇ ਦੀ ਦੁਰਵਰਤੋਂ ਕਰਦੇ ਹਨ ਤੇ ਹੋਰ ਮਾੜੇ ਕੰਮ ਕਰਦੇ ਹਨ, ਉਨ੍ਹਾਂ ਦੀ ਗੱਲ ਕਰਨ ਵਾਲੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਵਿਰੋਧੀ ਲੱਗਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: