July 18, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਭਾਰਤੀ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।
16 ਜੁਲਾਈ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਫੈਸਲੇ ਅਨੁਸਾਰ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ (ਮਹਿਤਾ) ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਸਮੇਂ ਆਪਣੀਆਂ ਬੈਰਕਾਂ ਛੱਡਣ ਵਾਲੇ ਉਨ੍ਹਾਂ ਸਿੱਖ ਧਰਮੀ ਫੌਜੀਆਂ ਦੀ ਵੀ ਸ਼੍ਰੋਮਣੀ ਕਮੇਟੀ ਯਾਦਗਾਰ ਬਣਾਵੇਗੀ ਜਿਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਮਾਮਲਾ 28 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਇਸ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸਿੱਖ ਧਰਮੀ ਫੌਜੀ ਕੌਮ ਲਈ ਅਤਿਅੰਤ ਸਤਿਕਾਰਤ ਹਨ ਅਤੇ ਯਾਦਗਾਰ ਬਣਨ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਸ਼ਾਂਤੀ ਮਿਲੇਗੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Dharami Fauji, Shiromani Gurdwara Parbandhak Committee (SGPC), ਜੂਨ 1984 ਫੌਜੀ ਹਮਲਾ ( Indian Army Attack on Sri Darbar Sahib)