May 27, 2017 | By ਸਿੱਖ ਸਿਆਸਤ ਬਿਊਰੋ
ਤਲਵੰਡੀ ਸਾਬੋ (ਬਠਿੰਡਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼ੁੱਕਰਵਾਰ (26 ਮਈ) ਤਲਵੰਡੀ ਸਾਬੋ ਵਿਖੇ ਮਾਲਵਾ ਜ਼ੋਨ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਦੀ ਸੁਰੱਖਿਆ ਅਤੇ ਸੁਚੱਜੇ ਪ੍ਰਬੰਧ ਲਈ ਚੁਣੀ ਹੋਈ ਜ਼ਿੰਮੇਵਾਰ ਸੰਸਥਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਇਸ ਮਾਮਲੇ ‘ਤੇ ਖਾਮੋਸ਼ ਬੈਠੀ ਹੋਈ ਹੈ। ਉਲਟਾ ਸਥਾਨਕ ਪ੍ਰਸ਼ਾਸਨ ਵੀ ਨਾਜਾਇਜ਼ ਕਬਜਾਧਾਰੀਆਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਲਵੇ ਦੇ ਮੈਂਬਰਾਂ ਨਾਲ ਅੱਜ (26 ਮਈ) ਹੋਈ ਇਕੱਤਰਤਾ ਦੌਰਾਨ ਗੱਲਬਾਤ ਕੀਤੀ ਗਈ ਹੈ ਅਤੇ ਇਸ ਸਬੰਧੀ ਠੋਸ ਨੀਤੀ ਅਪਣਾਉਣ ਲਈ ਸੁਝਾਅ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਮੈਂਬਰਾਂ ਨੇ ਇਕਜੁੱਟ ਹੋ ਕੇ ਇੱਕ ਆਵਾਜ਼ ਵਿਚ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ-ਜਾਇਦਾਦਾਂ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ।
ਇਕੱਤਰਤਾ ਵਿਚ ਜਿਥੇ ਵੱਖ-ਵੱਖ ਮੈਂਬਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਇੱਕ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਮਤੇ ਵਿਚ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਐਕਟ 1925 ਮੁਤਾਬਕ ਲਗਭਗ ਪਿਛਲੀ ਇੱਕ ਸਦੀ ਤੋਂ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਕਰਦੀ ਆ ਰਹੀ ਹੈ, ਪਰ ਅੱਜ ਕੁਝ ਲੋਕ ਹਕੂਮਤੀ ਨਸ਼ੇ ਵਿਚ ਸਿੱਖ ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਨ ਦੇ ਯਤਨਾਂ ਵਿਚ ਲੱਗੇ ਹੋਏ ਹਨ। ਇਨ੍ਹਾਂ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਭਾਈ ਰੂਪਾ (ਬਠਿੰਡਾ), ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਂਵੀ ਪਿੰਡ ਮੌੜ ਕਲਾਂ (ਬਠਿੰਡਾ) ਅਤੇ ਗੁਰਦੁਆਰਾ ਸਾਹਿਬ ਤੰਬੂ ਮੱਲ ਡਗਰੂ (ਮੋਗਾ) ਆਦਿ ਪ੍ਰਮੁੱਖ ਹਨ। ਸ਼੍ਰੋਮਣੀ ਕਮੇਟੀ ਕੋਲ਼ ਇਨ੍ਹਾਂ ਅਸਥਾਨਾਂ ਦੀਆਂ ਜ਼ਮੀਨਾਂ ਦੇ ਕਾਨੂੰਨੀ ਮਾਲਕਾਨਾਂ ਹੱਕ ਹਨ ਅਤੇ ਭਾਰਤ ਦੀ ਸੁਪਰੀਮ ਕੋਰਟ ਵੀ ਇਨ੍ਹਾਂ ਜ਼ਮੀਨਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਫੈਸਲੇ ਦੇ ਚੁੱਕੀ ਹੈ। ਮਤੇ ਰਾਹੀਂ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ਦੀ ਇੱਕ ਇੰਚ ਜ਼ਮੀਨ ਵੀ ਪਾਸੇ ਨਹੀਂ ਜਾਣ ਦੇਵੇਗੀ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਗੁਰਦੁਆਰਿਆਂ ਦੀ ਜ਼ਮੀਨਾਂ ਦੀ ਰਾਖੀ ਲਈ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਅਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲ ਕੇ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਸਿੱਧਾ ਦਖਲ ਦੇਣ ਦੀ ਅਪੀਲ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਤੇ ਬੀਬੀ ਜੋਗਿੰਦਰ ਕੌਰ, ਮੈਂਬਰਾਨ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬਲਦੇਵ ਸਿੰਘ ਚੂੰਘਾਂ, ਬੀਬੀ ਜਸਵੀਰ ਕੌਰ ਦਾਤੇਵਾਲ, ਗੁਰਤੇਜ ਸਿੰਘ ਢੱਡੇ, ਮਿੱਠੂ ਸਿੰਘ ਕਾਨੇਕੇ, ਸੁਰਜੀਤ ਸਿੰਘ ਰਾਏਪੁਰ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬਿੱਕਰ ਸਿੰਘ, ਹਰਤੇਜ ਸਿੰਘ ਭੁੱਲਰ, ਅਮਰੀਕ ਸਿੰਘ ਕੋਟਸ਼ਮੀਰ, ਨਵਤੇਜ ਸਿੰਘ ਕਾਉਣੀ, ਹਰਿੰਦਰ ਸਿੰਘ ਰਣੀਆ, ਮੇਜਰ ਸਿੰਘ ਢਿੱਲੋਂ, ਜਗਤਾਰ ਸਿੰਘ, ਸੁਖਦੇਵ ਸਿੰਘ ਬਾਠ, ਲਖਬੀਰ ਸਿੰਘ ਅਰਾਈਆਂਵਾਲਾ, ਮੈਂਬਰਾਨ ਧਰਮ ਪ੍ਰਚਾਰ ਕਮੇਟੀ ਮਨਜੀਤ ਸਿੰਘ ਬੱਪੀਆਣਾ, ਅਵਤਾਰ ਸਿੰਘ ਵਣਵਾਲਾ ਤੇ ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਕੇਵਲ ਸਿੰਘ ਤੇ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਤਖਤ ਦਮਦਮਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਤੇ ਐਡੀਸ਼ਨਲ ਮੈਨੇਜਰ ਸ਼ਮਸ਼ੇਰ ਸਿੰਘ ਚੱਠਾ ਆਦਿ ਹਾਜ਼ਰ ਸਨ।
Related Topics: Corruption in Gurdwara Management, Prof. Kirpal Singh Badunger, Punjab Government, Shiromani Gurdwara Parbandhak Committee (SGPC)