ਅੰਮ੍ਰਿਤਸਰ (25 ਜੂਨ 2014): ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਕ੍ਰਿਪਾਨ ‘ਤੇ ਪਾਬੰਦੀ ਦੇ ਮਸਲੇ ਬਾਰੇ ਮੋੜ ਕੱਟਦਿਆਂ ਕਿਹਾ ਕਿ ਅਕਾਲ ਤਖ਼ਤ ਵਿਖੇ
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਤਾਵਿਤ ਯੋਜਨਾ ਦਾ ਸਿੱਖ ਵਿਦਵਾਨਾਂ ਨੇ ਵਿਰੋਧ ਕਰਦਿਆਂ ਇਸਨੂੰ ਪੰਥ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ।
“ਪੰਜਾਬੀ ਟ੍ਰਿਬਿਊਨ” ਅਨੁਸਾਰ ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਉਣ ਬਾਰੇ ਸੋਚਣਾ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦਾ ਫੈਸਲੇ ਦਾ ਉਨ੍ਹਾਂ ਮੁਲਕਾਂ ਵਿੱਚ ਚੱਲ ਰਹੇ ਕੇਸਾਂ ’ਤੇ ਮਾੜਾ ਅਸਰ ਪਵੇਗਾ, ਜਿਥੇ ਕਿਰਪਾਨ ਲੈ ਕੇ ਜਾਣ ਲਈ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਉਣਾ ਅਜਿਹੇ ਮਸਲਿਆਂ ਦਾ ਹੱਲ ਨਹੀਂ ਹੈ ਸਗੋਂ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਕਦਮ ਪੁੱਟਣੇ ਚਾਹੀਦੇ ਹਨ, ਜਿਸ ਨਾਲ ਧਾਰਮਿਕ ਅਸਥਾਨ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇਗਾ। 6 ਜੂਨ ਨੂੰ ਕਿਸੇ ਭਾਸ਼ਣਬਾਜ਼ੀ ਅਤੇ ਨਾਅਰੇਬਾਜ਼ੀ ’ਤੇ ਰੋਕ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੀ ਮੌਜੂਦਾ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਸਿਰਫ਼ ਗ਼ੈਰ-ਅੰਮ੍ਰਿਤਧਾਰੀ ਵਿਅਕਤੀਆਂ ਨੂੰ ਕਿਰਪਾਨ ਲੈ ਕੇ ਜਾਣ ਤੋਂ ਰੋਕਿਆ ਜਾਣਾ ਚਾਹੀਦਾ ਹੈ ਜਦਕਿ ਅੰਮ੍ਰਿਤਧਾਰੀ ਵਿਅਕਤੀ ’ਤੇ ਅਜਿਹੀ ਰੋਕ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਕਿ ਕਿਰਪਾਨ ਨੂੰ ਅੰਮ੍ਰਿਤਧਾਰੀ ਗੁਰਸਿੱਖ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਇਹ ਸਿੱਖ ਪਛਾਣ ਦਾ ਹਿੱਸਾ ਹੈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀਅਕਾਲ ਤਖ਼ਤ ’ਤੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਕੋਈ ਰੋਕ ਲਾਉਂਦੀ ਹੈ ਤਾਂ ਇਹ ਫੈਸਲਾ ਪੰਥ ਵਿਰੋਧੀ ਹੋਵੇਗਾ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਅਜਿਹੀ ਰੋਕ ਸਿੱਖ ਅਤੇ ਪੰਥ ਵਿਰੋਧੀ ਹੋਵੇਗੀ। ਸ਼੍ਰੋਮਣੀ ਕਮੇਟੀ ਨੂੰ ਅਜਿਹੇ ਬਿਆਨ ਬਾਰੇ ਸਿੱਖ ਕੌਮ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇਕਰ ਅਜਿਹੀ ਕੋਈ ਰੋਕ ਲੱਗਦੀ ਹੈ ਤਾਂ ਇਹ ਸਿੱਖ ਆਜ਼ਾਦੀ ’ਤੇ ਖੁਦ ਹੀ ਵਾਰ ਕਰਨ ਵਾਲੀ ਗੱਲ ਹੋਵੇਗੀ।
ਜ਼ਿਕਰਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਏ ਜਾਣ ਦੀ ਪ੍ਰਸਤਾਵਿਤ ਯੋਜਨਾ ਸੀ। ਇਸ ਸਬੰਧੀ ਮੀਡੀਆ ਦੇ ਇਕ ਹਿੱਸੇ ਵਿੱਚ ਕੁਝ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ ਹਨ ਪ੍ਰੰਤੂ ਅੱਜ ਇਸ ਮਾਮਲੇ ’ਤੇ ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਆਖਿਆ ਹੈ ਕਿ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਕੋਈ ਰੋਕ ਨਹੀਂ ਲਾਈ ਗਈ ਹੈ ਅਤੇ ਨਾ ਹੀ ਲਾਈ ਜਾਵੇਗੀ। ਉਨ੍ਹਾਂ ਆਖਿਆ ਕਿ ਹਰ ਗੁਰਸਿੱਖ ਅਕਾਲ ਤਖ਼ਤ ਵਿਖੇ ਵੱਡੀ ਸ੍ਰੀ ਸਾਹਿਬ ਪਹਿਨ ਕੇ ਜਾ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਉਸਦੀ ਮਾਣ ਮਰਿਆਦਾ ਨੂੰ ਕਾਇਮ ਰੱਖਣਾ ਸ਼੍ਰੋਮਣੀ ਕਮੇਟੀ ਸਮੇਤ ਹਰ ਸਿੱਖ ਦਾ ਫਰਜ਼ ਹੈ।
ਉਨ੍ਹਾਂ ਕਿਹਾ ਕਿ 6 ਜੂਨ ਦੀ ਘਟਨਾ ਸ਼ਰਮਨਾਕ ਹੈ ਅਤੇ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਨੰਗੀਆਂ ਤਲਵਾਰਾਂ ਲਹਿਰਾਉਣ ਅਤੇ ਹੁੱਲੜਬਾਜ਼ੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਂਜਲੀ ਦਿਵਸ ਅਤੇ ਸ੍ਰੀ ਅਕਾਲ ਤਖਤ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।