Site icon Sikh Siyasat News

ਸਿੱਧੂ ਪੰਜਾਬ ਭਾਜਪਾ ਦੀ ਕੋਰ ਕਮੇਟੀ ’ਚ ਸ਼ਾਮਲ, ਜੋਸ਼ੀ ਬਾਹਰ

ਅੰਮ੍ਰਿਤਸਰ: ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਮੁੜ ਸੂਬਾਈ ਸਿਆਸਤ ਵਿਚ ਆ ਗਏ ਹਨ, ਜਿਨ੍ਹਾਂ ਨੂੰ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੇ ਹਮਾਇਤੀ ਤੋਂ ਵਿਰੋਧੀ ਬਣੇ ਅਨਿਲ ਜੋਸ਼ੀ ਦੀ ਕਮੇਟੀ ਵਿਚੋਂ ਛਾਂਟੀ ਕਰ ਦਿੱਤੀ ਗਈ ਹੈ।

ਭਾਜਪਾ ਦੇ ਰਾਜ ਸਭਾ ਮੈਂਬਰ ਨਵਜੋਤ ਸਿੱਧੂ {ਫਾਈਲ ਫੋਟੋ}

ਸਿੱਧੂ ਅਤੇ ਉਨ੍ਹਾਂ ਦੀ ਪਤਨੀ ਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਦੀ ਪਾਰਟੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਖਹਿਬਾਜ਼ੀ ਜੱਗਜ਼ਾਹਰ ਹੈ। ਹੁਣ ਦੇਖਣਾ ਹੋਵੇਗਾ ਕਿ ਸਿੱਧੂ ਜੋੜਾ ਪੰਜਾਬ ਦੀ ਸਿਆਸਤ ਵਿਚ ਕਿਹੋ ਜਿਹਾ ਕਿਰਦਾਰ ਨਿਭਾਉਂਦਾ ਹੈ। ਗ਼ੌਰਤਲਬ ਹੈ ਕਿ ਸਿੱਧੂ ਨੇ ਉਦੋਂ ਅਕਾਲੀ ਦਲ ਖਿਲਾਫ ਬਗ਼ਾਵਤ ਦਾ ਝੰਡਾ ਚੁੱਕ ਲਿਆ ਸੀ ਜਦੋਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਲਈ ਚਿਤਵੇ ਕੁਝ ਪ੍ਰਾਜੈਕਟਾਂ ਨੂੰ ਸਰਕਾਰ ਨੇ ਠੰਢੇ ਬਸਤੇ ਵਿਚ ਪਾ ਦੱਿਤਾ ਸੀ।

ਬੀਬੀ ਸਿੱਧੂ ਨੇ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਗੱਠਜੋੜ ਨੂੰ ‘ਆਤਮਘਾਤੀ’ ਤੱਕ ਕਰਾਰ ਦੇ ਦਿੱਤਾ ਸੀ। ਉਨ੍ਹਾਂ ਭਾਜਪਾ ਵੱਲੋਂ ਅਕਾਲੀ ਦਲ ਨਾਲ ਮੁੜ ਗੱਠਜੋੜ ਕੀਤੇ ਜਾਣ ਦੀ ਸੂਰਤ ਵਿਚ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਸਿੱਧੂ ਦੇ ‘ਆਪ’  ਵਿਚ ਜਾਣ ਦੀਆਂ ਅਟਕਲਾਂ ਦੇ ਬਾਵਜੂਦ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਉਨ੍ਹਾਂ ਦਾ ਸਿਆਸੀ ਮੁੜਵਸੇਬਾ ਕਰ ਦਿੱਤਾ। ਹੁਣ ਉਨ੍ਹਾਂ ਨੂੰ ਕੋਰ ਗਰੁੱਪ ਵਿਚ ਸ਼ਾਮਲ ਕਰ ਕੇ ਸੂਬਾਈ ਸਿਆਸਤ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਸਮਝਿਆ ਜਾਂਦਾ ਹੈ ਕਿ ਭਾਜਪਾ ਨੇ ਇਹ ਕਦਮ ਉਨ੍ਹਾਂ ਦੀ ਅਹਿਮੀਅਤ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਹੁਲਾਰਾ ਦੇਣ ਲਈ ਚੁੱਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version