ਪਟਿਆਲਾ (24 ਦਸੰਬਰ, 2009): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 14 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਮੁੱਖ ਜੱਜ ਵੱਲੋਂ ਬਰੀ ਕੀਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਨੂੰ ਫਾਂਸੀ ਦੀ ਸਜਾ ਸੁਣਾਈ ਗਈ ਹੈ। ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਸਤਖਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਪ੍ਰੋ. ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਦਸਤਖਤ ਕਰਵਾਏ ਜਾਣਗੇ। ਉਕਤ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਅਤੇ ਮੀਤ ਪ੍ਰਧਾਨ ਸ. ਮੱਖਣ ਸਿੰਘ ਗੰਢੂਆਂ ਨੇ ਦੱਸਿਆਂ ਹੈ ਕਿ 25 ਦਸੰਬਰ ਨੂੰ ਗੁਰਦੁਆਰਾ ਫਤਹਿਗੜ੍ਹ ਸਾਹਿਬ ਨੇੜੇ ਰੇਲਵੇ ਫਾਟਕਾਂ ਕੋਲ ਹੋਣ ਵਾਲੀ ਪੰਚ ਪ੍ਰਧਾਨੀ ਦੀ ਕਾਨਫਰੰਸ ਕੋਲ ਇਸ ਸਬੰਧੀ ਦਸਤਖਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਇਸ ਮੌਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਜੀ ਉਚੇਚੇ ਤੌਰ ਉੱਤੇ ਪਹੁੰਚ ਰਹੇ ਹਨ। ਫੈਡਰੇਸ਼ਨ ਵੱਲੋਂ ਸਿੱਖ ਸੰਗਤਾਂ ਨੂੰ ਇਸ ਕਾਰਜ ਵਿੱਚ ਵਧਵਾਂ ਯੋਗਦਾਨ ਪਾਉਣ ਲਈ ਕਿਹਾ ਗਿਆ ਹੈ।