ਪਟਿਆਲਾ: ਨਵੰਬਰ 1984 ਸਿੱਖ ਕਤਲੇਆਮ ‘ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੰਘਾਂ-ਸਿੰਘਣੀਆਂ ਅਤੇ ਭੁਝੰਗੀਆਂ ਨੂੰ ਯਾਦ ਕਰਕੇ ਅਤੇ ਸਮੂਹ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਮੂਲ ਮੰਤਰ ਦੇ ਪਾਠ ਅਤੇ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ।
ਇਸ ਮੌਕੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਵੱਲੋਂ ਅਰਦਾਸ ਕੀਤੀ ਗਈ। ਅਰਦਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ, ਅਧਿਕਾਰੀ ਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਵੰਬਰ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖ ਨਸਲਕੁਸ਼ੀ ਨਾ ਭੁੱਲਣ ਵਾਲਾ ਦਰਦ ਹੈ, ਜਿਸ ਦੀ ਟੀਸ ਸਦੀਆਂ ਤਕ ਤੱਕ ਰਹੇਗੀ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਦਾ ਇਹ ਕਾਲਾ ਦਿਨ ਸਮੁੱਚੇ ਪੰਥ ਨੂੰ ਜ਼ਬਰ ਅਤੇ ਜ਼ੁਲਮ ਖਿਲਾਫ਼ ਲਾਮਬੰਦ ਹੋਣ ਲਈ ਪ੍ਰੇਰਦਾ ਹੈ। ਉਨ੍ਹਾਂ ਕਿਹਾ ਕਿ ਨਵੰਬਰ 1984 ਦੌਰਾਨ ਕੇਂਦਰ ਦੀ ਕਾਂਗਰਸ ਸਰਕਾਰ ਨੇ ਜ਼ਬਰ-ਜ਼ੁਲਮ ਕਰਦਿਆਂ ਸਿੱਖ ਨਸਲਕੁਸ਼ੀ ਕੀਤੀ, ਜੋ ਅਕਹਿ ਤੇ ਅਸਹਿ ਹੈ।
ਸਬੰਧਤ ਖ਼ਬਰ: ਹਫਤਿਆਂ ਮਗਰੋਂ ਮਿਲਣੀਆਂ ਸ਼ੁਰੂ ਹੋਈਆਂ ਸਨ ਸਿੱਖ ਕਤਲੇਆਮ ਦੀਆਂ ਖ਼ਬਰਾਂ (ਲੇਖ) …
ਉਨ੍ਹਾਂ 33ਵਰ੍ਹੇ ਬੀਤਣ ਮਗਰੋਂ ਵੀ ਨਵੰਬਰ 1984 ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿੱਤੇ ਜਾਣ ‘ਚ ਕੀਤੀ ਜਾ ਰਹੀ ਦੇਰੀ ਬਾਰੇ ਕਿਹਾ ਕਿ ‘ਸੱਚਾਈ’ ਤਾਂ ਇਤਿਹਾਸ ਬਣ ਚੁੱਕੀ ਹੈ, ਜਿਸ ਨੂੰ ਜ਼ਾਲਮ ਸਰਕਾਰਾਂ ਝੁਠਲਾ ਨਹੀਂ ਸਕਦੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਰਦਾਰ ਅਤੇ ਵਿਹਾਰ ਪੱਖ ਤੋਂ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ, ਜਿਸ ਨੇ ਸਿੱਖਾਂ ਦਾ ਵਿਰੋਧ ਹੀ ਨਹੀਂ ਕੀਤਾ, ਸਗੋਂ ‘ਸਿੱਖ ਕੌਮ’, ‘ਸਿੱਖੀ ਸਿਧਾਂਤਾਂ’ ਤੇ ‘ਧਰਮ ਸੱਭਿਆਚਾਰ’ ਦੀ ਹੋਂਦ ਹਸਤੀ ਨੂੰ ਮਿਟਾਉਣ ਲਈ ਕੋਝੇ ਹੱਥਕੰਡੇ ਅਪਣਾਏ ਅਤੇ ਸਿੱਖ ਨਸਲਕੁਸ਼ੀ ਕੀਤੀ, ਜਿਨ੍ਹਾਂ ਦੇ ਪਰਿਵਾਰ ਅੱਜ ਵੀ ਇਨਸਾਫ ਲੈਣ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੋਚੀ ਸਮਝੀ ਸਾਜਿਸ਼ ਤਹਿਤ ‘ਸਿੱਖ ਨਸਲਕੁਸ਼ੀ’ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਬੰਧਾਂ ਅਧੀਨ ਜ਼ਿਲ੍ਹੇ ਭਰ ਦੇ ਗੁਰਦੁਆਰਿਆਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਮੋਤੀ ਬਾਗ ਸਾਹਿਬ ਅਤੇ ਵੱਖ-ਵੱਖ ਗੁਰਦੁਆਰਿਆਂ ‘ਚ ਮੂਲ ਮੰਤਰ ਦੇ ਪਾਠ ਅਤੇ ਅਰਦਾਸ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਅਰਦਾਸ ਸਮਾਗਮ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਬਲਦੇਵ ਸਿੰਘ ਖਾਲਸਾ, ਜਥੇਦਾਰ ਲਾਭ ਸਿੰਘ ਦੇਵੀਨਗਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਗਿਆਨੀ ਪ੍ਰਿਤਪਾਲ ਸਿੰਘ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਸ. ਅਮਰਜੀਤ ਸਿੰਘ ਸਿੱਧੂ, ਸ. ਨਰਦੇਵ ਸਿੰਘ ਆਕੜ੍ਹੀ, ਸ. ਰਣਧੀਰ ਸਿੰਘ ਰੱਖੜਾ, ਸ਼ ਮੈਨੇਜਰ ਸ. ਕਮਲਜੀਤ ਸਿੰਘ, ਐਡੀ. ਮੈਨੇਜਰ ਸ. ਕਰਨੈਲ ਸਿੰਘ, ਮੀਤ ਪ੍ਰਧਾਨ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।