August 7, 2018 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਨੌਜਵਾਨ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੜਕੇ ਸ਼ੁਰੂ ਹੁੰਦੀ ਫਰਸ਼ ਧੋਣ ਦੀ ਸੇਵਾ ਵਿੱਚ ਹਿੱਸਾ ਲੈਣ ਲਈ ਜਾ ਰਹੇ ਸਨ ਤਾਂ ਰਾਹ ਵਿਚ ਲੱਗੇ ਨਾਕੇ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਨੌਜਵਾਨਾਂ ਮੁਤਾਬਿਕ ਨਾਕੇ ‘ਤੇ ਤੈਨਾਤ ਥਾਣੇਦਾਰ ਨੇ ਸ਼ਰਾਬ ਪੀਤੀ ਸੀ ਤੇ ਉਹ ਨਸ਼ੇ ਵਿਚ ਉਨ੍ਹਾਂ ਨਾਲ ਬਦਤਮੀਜ਼ੀ ਕਰਨ ਲੱਗਿਆ। ਜਦੋਂ ਨੌਜਵਾਨ ਇਸ ਦੀ ਵੀਡੀਓ ਬਣਾਉਣ ਲੱਗੇ ਤਾਂ ਥਾਣੇਦਾਰ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰਨ ਦੀ ਧਮਕੀ ਦਿੱਤੀ।
ਇਸ ਪਿੱਛੋਂ ਪੁਲੀਸ ਸੱਤਾਂ ਨੌਜਵਾਨਾਂ ਨੂੰ ਥਾਣਾ ਸਨੌਰ ਲੈ ਗਈ ਤੇ ਕੁੱਟਮਾਰ ਕੀਤੀ। ਇਨ੍ਹਾਂ ਵਿੱਚੋਂ ਅਮਰਦੀਪ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਅੱਜ ਇੱਥੇ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ। ਉਨ੍ਹਾਂ ਦੱਸਿਆ ਕਿ ਥਾਣੇਦਾਰ ਨਰਿੰਦਰ ਸਿੰਘ ਸਮੇਤ ਇੱਕ ਹੋਰ ਪੁਲੀਸ ਮੁਲਾਜ਼ਮ ਨੇ ਉਨ੍ਹਾਂ ’ਤੇ ਤਸ਼ੱਦਦ ਢਾਹਿਆ।
ਪੀੜਤ ਨੌਜਵਾਨ ਨੇ ਦੱਸਿਆ ਕਿ ਥਾਣੇ ਵਿਚ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੇ ਕਪੜੇ ਉਤਾਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸ਼ਰੀਰਕ ਸੋਸ਼ਣ ਵੀ ਕੀਤਾ ਗਿਆ।
ਨਾਕੇ ’ਤੇ ਰੋਕਣ ਮੌਕੇ ਵੀਡੀਓ ਬਣਾਏ ਜਾਣ ਤੋਂ ਖ਼ਫ਼ਾ ਸਨੌਰ ਦੇ ਇੱਕ ਸਹਾਇਕ ਥਾਣੇਦਾਰ ਵੱਲੋਂ ਸੱਤ ਨੌਜਵਾਨਾਂ ਨੂੰ ਥਾਣੇ ਲਿਜਾ ਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਨਰਿੰਦਰ ਸਿੰਘ ਨਾਮ ਦੇ ਸਹਾਇਕ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਹੈ। ਥਾਣੇਦਾਰ ਨਰਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਐੱਸਐੱਸਪੀ ਮਨਦੀਪ ਸਿੱਧੂ ਨੇ ਇਸ ਘਟਨਾ ਦੀ ਜਾਂਚ ਦਾ ਕੰਮ ਐੱਸ.ਪੀ (ਸਿਟੀ) ਕੇਸਰ ਸਿੰਘ ਧਾਲੀਵਾਲ ਨੂੰ ਸੌਂਪ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਪੁਲੀਸ ਮੁਖੀ ਨੇ ਕਿਹਾ ਕਿ ਇਸ ਘਟਨਾ ਦੀ ਤਿੰਨ ਦਿਨਾਂ ਵਿੱਚ ਰਿਪੋਰਟ ਮੰਗੀ ਗਈ ਹੈ।
ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਵੀ ਪੀੜਤ ਨੌਜਵਾਨਾਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪੁੱਜੇ। ਉਨ੍ਹਾਂ ਨੇ ਪੁਲੀਸ ਮੁਖੀ ਨਾਲ ਫੋਨ ’ਤੇ ਗੱਲ ਕਰਦਿਆਂ ਢੁਕਵੀਂ ਕਾਰਵਾਈ ਦੀ ਮੰਗ ਕੀਤੀ।
ਨੌਜਵਾਨਾਂ ਦੀ ਪੁਲੀਸ ਵੱਲੋਂ ਕੁੱਟਮਾਰ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿੱਚ ਸਿੱਖ ਨੌਜਵਾਨਾਂ ਦੀ ਪੁਲੀਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰੇ ਜਾ ਰਹੇ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਹੱਕਾਂ ਦਾ ਘਾਣ ਹੈ। ਇਸ ਘਟਨਾ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਤ ਪੁਲੀਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਨੌਜਵਾਨਾਂ ਦੀ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਵੇਗੀ।
Related Topics: Human Rights Violation in India, Human Rights Violation in Punjab, Punjab Police Atrocities