ਸੰਗਰੂਰ (19 ਮਈ, 2015): ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭਿਆ ਸੰਘਰਸ਼ ਕੌਮੀ ਸੰਘਰਸ਼ ਬਣਦਾ ਜਾ ਰਿਹਾ ਹੈ।ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਪੰਥ ਦੀਆਂ ਅਹਿਮ ਸਖਸ਼ੀਅਤਾਂ ਇਸ ਸੰਘਰਸ਼ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੋ ਰਹੀਆਂ ਹਨ।
ਸਰਬੱਤ ਦਾ ਭਲਾ ਸੇਵਾ ਦਲ ਅਤੇ ਗੁਰਦੁਆਰਾ ਖੇੜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਪ੍ਰੈਸ ਨੂੰ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ “ਬਜ਼ੁਰਗ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਸੰਘਰਸ਼ ਨੂੰ ਸਰਕਾਰ ਅਣਗੌਲਿਆ ਕਰ ਰਹੀ ਹੈ ਜਦੋਂ ਕਿ ਉਨ੍ਹਾਂ ਦੇ ਸਮਰਥਕਾਂ ਦੀ ਅਵਾਜ਼ ਹੌਲੀ ਹੌਲੀ ਦੇਸ਼ਾਂ ਵਿਦੇਸ਼ਾਂ ਵਿਚ ਬੁਲੰਦ ਹੁੰਦੀ ਜਾ ਰਹੀ ਹੈ ਜਿਸ ਵਿਚ ਸਾਡੇ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਵੇਗਾ’ ।ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਬਾਪੂ ਖਾਲਸਾ ਵੱਲੋਂ ਆਰੰਭੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਵਿੱਢੇ ਸੰਘਰਸ਼ ਨੂੰ ਮੁਕਾਮ ਤੱਕ ਲਿਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸਰਕਾਰ ਨੂੰ ਕੁੰਭਕਰਨੀ ਨੀਂਦ ਚੋ ਜਗਾਉਣ ਲਈ ਜੋ ਰੋਸ ਮਾਰਚ 20 ਮਈ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੋਂ ਆਰੰਭ ਹੋ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੱਕ ਪੁੱਜੇਗਾ ਜਿਥੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਰੋਸ ਮਾਰਚ ਵਿਚ ਸ਼ਾਮਲ ਹੋਣ।