ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ੍ਰ. ਅਜਮੇਰ ਸਿੰਘ ਨੇ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿੱਖ ਪੰਥ ਦੀ ਮੌਜੂਦਾ ਹਾਲਤ ਦਾ ਵਿਸ਼ਲੇਸ਼ਣ ਕੀਤਾ ਅਤੇ ਨਾਲ ਹੀ ਇਨ੍ਹਾਂ ਘਟਨਾਵਾਂ ਵਿੱਚ ਸਿੱਖਾਂ ਦੇ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਨਿਭਾਈ ਭੁਮਿਕਾ ਬਾਰੇ ਗੱਲ ਕੀਤੀ। ਇਸਤੋਂ ਇਲਾਵਾ ਉਨ੍ਹਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸੇਵਾ ਨਿਭਾਅ ਰਹੇ ਪੰਜਾਂ ਪਿਆਰਿਆਂ ਦੀ ਭੁਮਿਕਾ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।
ਸ੍ਰ. ਅਜਮੇਰ ਸਿੰਘ ਵੱਲੋਂ ਇਹ ਵਿਚਾਰ ਇੱਕ ਜੱਥੇਬੰਦੀ ਵੱਲੋਂ ਪਿੰਡ ਜੈਤਪੁਰ ਦੇ ਗੁਰਦੁਆਰਾ ਸ਼ਹੀਦਾਂ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਦੇ ਸਨਮਾਨ ਸਮਾਗਮ ਦੌਰਾਨ ਸੰਗਤਾਂ ਨਾਲ ਸਾਂਝੇ ਕੀਤੇ। ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜ ਪਿਆਰਿਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਹੋਰ ਜੱਥੇਦਾਰਾਂ ਨੂੰ ਸੌਦਾ ਸਾਧ ਮਾਫੀਨਾਮੇ ‘ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਸੀ।