ਸਿੱਖ ਨੌਜਵਾਨਾਂ ਨੂੰ ਜਬਰੀ ਲਾਪਤਾ ਕਰਕੇ ਮਾਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ: ਫੈਡਰੇਸ਼ਨ
ਪਟਿਆਲਾ (30 ਅਗਸਤ, 2010): ਅੱਜ ‘ਲਾਪਤਾ ਕੀਤੇ ਗਏ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ’ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ ਅਤੇ ਭਾਰਤ ਅੰਦਰ ਮਨੱਖੀ ਹੱਕਾਂ ਦੇ ਘਾਣ ਨੂੰ ਨਜ਼ਰ-ਅੰਦਾਜ਼ ਕਰਨ ਦੇ ਰੁਝਾਣ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫੈਡਰੇਸ਼ਨ ਦੇ ਮੀਤ ਪ੍ਰਧਾਨ ਸ. ਮੱਖਣ ਸਿੰਘ ਗੰਢੂਆਂ ਵੱਲੋਂ ਜਾਰੀ ਇੱਕ ਬਿਆਨ ਵਿੱਚ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਅੰਦਰ ਪੁਲਿਸ ਅਤੇ ਹੋਰ ਸੁਰੱਖਿਆ ਫੋਰਸਾਂ ਵੱਲੋਂ ਭਾਰੀ ਗਿਣਤੀ ਵਿੱਚ ਆਮ ਲੋਕਾਂ ਨੂੰ ਘਰਾਂ ਤੋਂ ਚੁੱਕ ਕੇ ਜਬਰੀ ਲਾਪਤਾ ਕਰ ਦਿੱਤਾ ਗਿਆ, ਜਿਨ੍ਹਾਂ ਬਾਰੇ ਦਹਾਕੇ ਤੋਂ ਵੱਧ ਸਮਾਂ ਬੀਤ ਜਾਣ ਉੱਤੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਇੱਕ ‘ਵਰਕਿੰਗ ਗਰੁੱਪ’ ਵੱਲੋਂ ਵੀ ਚਿੰਤਾ ਪ੍ਰਗਟਾਈ ਗਈ ਹੈ ਕਿ ਬਹੁਤ ਸਾਰੇ ਮੁਲਕ ‘ਅਤਿਵਾਦ ਅਤੇ ਅੰਦਰੂਨੀ ਸੁਰੱਖਿਆ’ ਦੇ ਨਾਂ ਉੱਪਰ ‘ਜਬਰੀ ਲਾਪਤਾ ਕੀਤੇ ਜਾਣ ਵਿਰੁੱਧ ਸੁਰੱਖਿਆ ਦੇਣ ਵਾਲੇ ਕੌਮਾਂਤਰੀ ਸਮਝੌਤਿਆਂ’ ਦੀ ਅਣਦੇਖੀ ਕਰ ਰਹੇ ਹਨ। ਫੈਡਰੇਸ਼ਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਵੀ ਅਜਿਹਾ ਹੀ ਹੋਇਆ ਹੈ ਅਤੇ ‘ਖਾੜਕੂਵਾਦ’ ਨੂੰ ਦਬਾਉਣ ਦੇ ਨਾਂ ਹੇਠ ਯੋਜਨਾਬੱਧ ਤਰੀਕੇ ਨਾਲ ਵੱਡੀ ਪੱਧਰ ਉੱਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਸਮਸ਼ਾਨ ਘਾਟਾਂ ਦਾ ਰਿਕਾਰਡ ਸਾਹਮਣੇ ਲਿਆ ਕੇ ਇਹ ਖੁਲਾਸਾ ਕੀਤਾ ਸੀ ਕਿ ਪੁਲਿਸ ਅਤੇ ਸੁਰੱਖਿਆ ਫੋਰਸਾਂ ਨੇ ਲਾਪਤਾ ਕੀਤੇ ਸਿੱਖ ਨੌਜਵਾਨਾਂ ਨੂੰ ਫਰਜੀ ਮੁਕਾਬਲਿਆਂ ਤੇ ਗੈਰ-ਕਾਨੂੰਨੀ ਹਿਰਾਸਤਾਂ ਵਿੱਚ ਮਾਰਨ ਤੋਂ ਬਾਅਦ ਲਾਵਾਰਿਸ ਲਾਸ਼ਾ ਕਹਿ ਕੇ ਖਪਾ ਦਿੱਤਾ।
ਫੈਡਰੇਸ਼ਨ ਆਗੂਆਂ ਨੇ ‘ਜਬਰੀ ਲਾਪਤਾ ਕਰਨ’ ਦੀ ਕਾਰਵਾਈ ਨੂੰ ਕਾਨੂੰਨੀ ਤੌਰ ਉੱਤੇ ਜੁਰਮ ਐਲਾਨਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਭਾਰਤ ਵੱਲੋਂ 2007 ਵਿੱਚ ਫਰਾਂਸ ਵਿਖੇ ਇੱਕ ਕੌਮਾਂਤਰੀ ਦਸਤਾਵੇਜ਼ ਉੱਤੇ ਦਸਤਖਤ ਕੀਤੇ ਗਏ ਸਨ, ਜਿਸ ਮੁਤਾਬਿਕ ਭਾਰਤ ਨੂੰ ‘ਜਬਰੀ ਲਾਪਤਾ ਕਰਨ’ ਦੀ ਕਾਰਵਾਈ ਨੂੰ ਕਾਨੂੰਨੀ ਤੌਰ ਉੱਤੇ ਜੁਰਮ ਐਲਨਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਨੂੰ ਇਸ ਬਾਰੇ ਭਾਰਤ ਸਰਕਾਰ ਉੱਪਰ ਦਬਾਅ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮਨੁੱਖੀ ਹੱਕਾਂ ਦਾ ਸਤਿਕਾਰ ਤਾਂ ਹੀ ਹੋ ਸਕੇਗਾ ਜੇਕਰ ਬੀਤੇ ਵਿੱਚ ਹੋਏ ਘਾਣ ਦੇ ਦੋਸ਼ੀਆਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇ।