ਸਿਆਸੀ ਖਬਰਾਂ » ਸਿੱਖ ਖਬਰਾਂ

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਮਨਾਇਆ ਜਾਏਗਾ: ਸਿੱਖ ਯੂਥ ਆਫ ਪੰਜਾਬ

August 29, 2016 | By

ਹੁਸ਼ਿਆਰਪੁਰ: ਸਿੱਖ ਯੂਥ ਆਫ ਪੰਜਾਬ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਸਤੰਬਰ ਨੂੰ ਗੁਰਦੁਆਰਾ ਤਪ ਅਸਥਾਨ ਟਾਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ‘ਸ਼ਬਦ-ਗੁਰੂ ਸਤਿਕਾਰ ਸਮਾਗਮ’ ਕਰਵਾਇਆ ਜਾ ਰਿਹਾ ਹੈ।

ਦਲ ਖ਼ਾਲਸਾ ਦੇ ਯੂਥ ਵਿੰਗ ‘ਸਿੱਖ ਯੂਥ ਆਫ ਪੰਜਾਬ’ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਉਹ 2003 ਵਿਚ ਅਕਾਲ ਤਖ਼ਤ ਸਾਹਿਬ ਤੋਂ ਪੰਥ ਪ੍ਰਵਾਨਿਤ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮੰਨਦੇ ਹਨ ਅਤੇ ਉਸ ਅਨੁਸਾਰ ਹੀ ਗੁਰਪੁਰਬ ਮਨਾਉਂਦੇ ਆ ਰਹੇ ਹਨ।

ਮੂਲ ਕੈਲੰਡਰ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪਹਿਲੀ ਸਤੰਬਰ ਨੂੰ ਨਿਸ਼ਚਤ ਕੀਤਾ ਗਿਆ ਸੀ ਜਦਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ ਨਾਨਕਸ਼ਾਹੀ ਦੇ ਨਾਂ ਹੇਠ ਮੁੜ ਅਪਣਾਏ ਗਏ ਬਿਕਰਮੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 2 ਸਤੰਬਰ ਨੂੰ ਆ ਰਿਹਾ ਹੈ।

ਯੂਥ ਆਗੂ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੇ ਨਿਆਰੇਪਨ ਦੀ ਇਕ ਅਹਿਮ ਨਿਸ਼ਾਨੀ ਹੈ ਅਤੇ ਇਸ ਉਤੇ ਪਹਿਰਾ ਦੇਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਹਨਾਂ ਕਿਹਾ ਕਿ ਇਹ ਸਮਾਗਮ ਸਿੱਖਾਂ ਨੂੰ ਸ਼ਬਦ-ਗੁਰੂ ਦੇ ਸਿਧਾਂਤ ਨਾਲ ਜੋੜਣ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਦਾ ਇੱਕ ਉਪਰਾਲਾ ਹੈ।

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਅਤੇ ਉਨ੍ਹਾਂ ਦੇ ਸਾਥੀ ਪਹਿਲੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਅਤੇ ਉਨ੍ਹਾਂ ਦੇ ਸਾਥੀ ਪਹਿਲੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ

ਉਹਨਾਂ ਕਿਹਾ ਕਿ ਗੁਰੁ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੀਆਂ ਸ਼ਰਮਨਾਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਰਨ ਸਿੱਖਾਂ ਅੰਦਰ ਡਾਢਾ ਰੋਹ ਅਤੇ ਗੁੱਸਾ ਪਣਪ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਸਮਿਆਂ ਅੰਦਰ ਹਰ ਸਿੱਖ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਸ਼ਬਦ-ਗੁਰੂ ਦੇ ਸਿਧਾਂਤ ਦੀ ਪਹਿਰੇਦਾਰੀ ਕਰੇ। ਉਹਨਾਂ ਕਿਹਾ ਕਿ ਗੁਰੁ ਗ੍ਰੰਥ ਸਾਹਿਬ ਦੇ ਦੋਖੀਆਂ ਅਤੇ ਉਹਨਾਂ ਪਿਛੇ ਕੰਮ ਰਹੇ ਸਾਜਿਸ਼ੀ ਤਾਕਤਾਂ ਨੂੰ ਬੇਨਕਾਬ ਕਰਨਾ ਅਜੋਕੇ ਸਮੇ ਅੰਦਰ ਸਿੱਖ ਪੰਥ ਲਈ ਇੱਕ ਅਹਿਮ ਚੁਣੌਤੀ ਹੈ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਪੰਥਕ ਸ਼ਖਸੀਅਤਾਂ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਸੁਖਦੇਵ ਸਿੰਘ ਭੌਰ, ਦਲ ਖ਼ਾਲਸਾ ਆਗੂ ਭਾਈ ਹਰਚਰਨਜੀਤ ਸਿੰਘ ਧਾਮੀ, ਭਾਈ ਸੁਖਜੀਤ ਸਿੰਘ ਖੋਸਾ ਆਗੂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਿੱਖ ਯੂਥ ਆਫ ਪੰਜਾਬ ਦੇ ਮੁੱਖ ਸਲਾਹਕਾਰ ਭਾਈ ਪ੍ਰਭਜੋਤ ਸਿੰਘ ਦੇ ਨਾਮ ਸ਼ਾਮਿਲ ਹਨ, ਹਾਜ਼ਿਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

ਉਹਨਾਂ ਦਸਿਆ ਕਿ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲੇ, ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹੁਸ਼ਿਆਰਪੁਰ ਅਤੇ ਤਾਲਮੇਲ ਕਮੇਟੀ ਟਾਂਡਾ ਵਲੋਂ ਇਸ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿਤਾ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,