ਪ੍ਰਤੀਕਾਤਮਕ ਤਸਵੀਰ

ਆਮ ਖਬਰਾਂ

ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਹਦਾਇਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

By ਸਿੱਖ ਸਿਆਸਤ ਬਿਊਰੋ

October 06, 2017

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਨੇ ਵੀਰਵਾਰ (5 ਅਕਤੂਬਰ) ਨੂੰ ਫ਼ਸਲਾਂ ਦਾ ਸਮਰਥਨ ਮੁੱਲ 50 ਫ਼ੀਸਦੀ ਮੁਨਾਫੇ ਨਾਲ ਦੇਣ ਸਬੰਧੀ ਡਾ. ਐਮ. ਐਸ. ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਸਰਕਾਰ ਨੂੰ ਹਦਾਇਤ ਦੇਣ ਸਬੰਧੀ ਇੰਡੀਆ ਫਾਰਮਰਜ਼ ਐਸੋਸੀਏਸ਼ਨ ਵਲੋਂ ਦਾਇਰ ਕਰਵਾਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਐਮ. ਬੀ. ਲੋਕੁਰ, ਜਸਟਿਸ ਐਸ. ਏ. ਨਜ਼ੀਰ ਅਤੇ ਜਸਟਿਸ ਦੀਪਕ ਗੁਪਤਾ ‘ਤੇ ਆਧਾਰਤ ਸੁਪਰੀਮ ਕੋਰਟ ਦੇ ਡਵੀਜ਼ਨ ਬੈਂਚ ਨੇ ਫਾਰਮਰਜ਼ ਐਸੋਸੀਏਸ਼ਨ ਦੀ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਨੀਤੀ ਮਾਮਲਿਆਂ ਸਬੰਧੀ ਸੰਸਦ ਨੂੰ ਕੋਈ ਹਦਾਇਤ ਜਾਰੀ ਨਹੀਂ ਕਰ ਸਕਦੇ।

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਬਾਰੇ ਮੀਡੀਆ ਨੂੰ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਬੁਰੀ ਤਰ੍ਹਾਂ ਪੀੜਤ ਹਨ ਅਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਸੀ ਕਿ ਫ਼ੈਸਲਾ ਉਨ੍ਹਾਂ ਦੇ ਹੱਕ ਵਿਚ ਹੋਵੇਗਾ ਪਰ ਉਨ੍ਹਾਂ ਦੇ ਪੱਖ ਖਾਰਜ ਹੋਣ ‘ਤੇ ਪੂਰੇ ਕਿਸਾਨ ਭਾਈਚਾਰੇ ਵਿਚ ਖਲਬਲੀ ਮਚ ਗਈ ਹੈ। ਸ: ਬਹਿਰੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਲਈ ਕਾਨੂੰਨੀ ਲੜਾਈ ਲੜੀ ਜਾ ਰਹੀ ਸੀ, ਜਿਸ ਨੂੰ ਜਾਰੀ ਰੱਖਿਆ ਜਾਵੇਗਾ ਤੇ ਇਸ ਫ਼ੈਸਲੇ ਦੇ ਖਿਲਾਫ਼ ਨਜ਼ਰਸਾਨੀ ਰਿੱਟ ਦਾਇਰ ਕੀਤੀ ਜਾਵੇਗੀ।

ਸ: ਬਹਿਰੂ ਨੇ ਦੱਸਿਆ ਕਿ 2014 ਵਿਚ ਜਦੋਂ ਸੰਸਦ ਦੀਆਂ ਚੋਣਾਂ ਸਨ ਤੇ ਉਸ ਸਮੇਂ ਭਾਜਪਾ ਨੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਪ੍ਰਤੀ ਕਿਹਾ ਸੀ ਪਰ ਸਰਕਾਰ ਬਣਨ ‘ਤੇ ਇਸ ਨੂੰ ਅੱਖੋਂ ਉਹਲੇ ਕਰ ਕੇ ਰੱਖ ਦਿੱਤਾ। ਸ: ਬਹਿਰੂ ਨੇ ਕਿਹਾ ਕਿ ਹੁਣ ਭਾਜਪਾ ਨੂੰ 2019 ਦੀਆਂ ਚੋਣਾਂ ਦੇ ਵਿਚ ਪੂਰੇ ਦੇਸ਼ ਦੇ ਕਿਸਾਨ ਬੁਰੀ ਤਰ੍ਹਾਂ ਸਬਕ ਸਿਖਾ ਕੇ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: