ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ 22 ਅਪ੍ਰੈਲ ਤੋਂ 3 ਮਈ ਤੱਕ ਮਨਾਈ ਜਾਵੇਗੀ। ਮਨਜੀਤ ਸਿੰਘ ਜੀ.ਕੇ. ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸਜਾਏ ਜਾ ਰਹੇ ਪ੍ਰੋਗਰਾਮਾ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਰਾਸ਼ਟਰੀ ਕ੍ਰਿਤੀ ਆਹਵਾਨ ਸਮਿਤੀ ਦੇ ਕੌਮੀ ਕੋਆਡੀਨੇਟਰ ਵਿਜੈਪਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਆਦਿ ਇਸ ਮੌਕੇ ਹਾਜ਼ਰ ਸਨ।
ਅਕਾਲ ਤਖਤ ਸਾਹਿਬ ਵਲੋਂ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਮੰਗਲਵਾਰ (28 ਨਵੰਬਰ, 2017) ਨੂੰ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।