ਪਾਕਿਸਤਾਨ 'ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਸਾਦਿਕ-ਉੱਲ-ਫ਼ਾਰੂਕ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਐਲਾਨ ਕੀਤਾ ਗਿਆ।
ਕੁਝ ਵਰ੍ਹੇ ਪਹਿਲਾਂ, ਪਾਕਿਸਤਾਨ ਸਰਕਾਰ ਵਲੋਂ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਸਬੰਧੀ ਲੋੜੀਂਦੀ ਸੈਂਕੜਿਆਂ ਏਕੜ ਜ਼ਮੀਨ (ਜਿਹੜੀ ਗੁਰਦੁਆਰਾ ਜਨਮ ਅਸਥਾਨ ਦੀ ਮਲਕੀਅਤ ਹੈ) ਵੀ ਰਾਖਵੀਂ ਰੱਖ ਲਈ ਗਈ ਸੀ। ਇਸ ਸਬੰਧੀ ਪੂਰਾ ਪ੍ਰਾਜੈਕਟ ਲਾਗੂ ਹੋਣ ਵੱਲ ਵਧ ਰਿਹਾ ਸੀ ਕਿ ਕੁਝ ਸਮਾਂ ਪਹਿਲਾਂ ਇਹ ਖਬਰ ਆਈ ਕਿ ਇਸ ਯੂਨੀਵਰਸਿਟੀ ਨੂੰ ਨਨਕਾਣਾ ਸਾਹਿਬ ਦੀ ਬਜਾਏ ਮੁਰਦੀਕੇ ਵਿਖੇ ਬਣਾਇਆ ਜਾਵੇਗਾ। ਮੁਰਦੀਕੇ, ਜ਼ਿਲ੍ਹਾ ਸ਼ੇਖੂਪੁਰਾ ਵਿੱਚ ਸਥਿਤ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।