ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਰਚਣ ਦਾ ਕੇਸ ਦੋ ਫਰਵਰੀ 2009 ਨੂੰ ਦਾਇਰ ਕੀਤਾ ਸੀ। ਸ਼ਿਕਾਇਤਕਰਤਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਸਾਹਮਣੇ ਇਹ ਹਲਫ਼ਨਾਮਾ ਦੇ ਕੇ ਮਾਨਤਾ ਪ੍ਰਾਪਤ ਕੀਤੀ ਸੀ ਕਿ ਇਹ ਪਾਰਟੀ ਸੰਵਿਧਾਨ ਦੀਆਂ ਧਰਮ ਨਿਰਪੱਖ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਪਾਲਣਾ ਕਰੇਗੀ ਜਦੋਂਕਿ ਇਹ ਸਿੱਖਾਂ ਦੀਆਂ ਵੱਡੀਆਂ ਧਾਰਮਿਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਲਗਾਤਾਰ ਭਾਗ ਲੈ ਰਹੀ ਹੈ। ਇਸ ਸਬੰਧੀ ਅਦਾਲਤ ਨੇ ਪਹਿਲਾਂ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੂੰ ਰਿਕਾਰਡ ਲੈ ਕੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ।